ਡਾ. ਬਲਬੀਰ ਸਿੰਘ ਨੇ ਡੀਜ਼ਲ ਪੈਟਰੋਲ ਦੀਆਂ ਅਸਮਾਨੀ ਚੜੀਆਂ ਕੀਮਤਾਂ ਬਾਰੇ ਬਾਦਲਾਂ ਨੂੰ ਵੀ ਕੋਸਿਆ
ਚੰਡੀਗੜ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਡੀਜ਼ਲ-ਪੈਟਰੋਲ ਦੀਆਂ ਹਰ ਰੋਜ਼ ਲਗਾਤਾਰ ਵੱਧ ਰਹੀਆਂ ਕੀਮਤਾਂ ਦਾ ਸਖ਼ਤ ਵਿਰੋਧ ਕਰਦੇ ਹੋਏ ਨਰਿੰਦਰ ਮੋਦੀ ਸਰਕਾਰ ਨੂੰ ਜਨ ਵਿਰੋਧੀ ਅਤੇ ਦੇਸ਼ ਵਿਰੋਧੀ ਸਰਕਾਰ ਕਰਾਰ ਦਿੱਤਾ ਹੈ।
‘ਆਪ’ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੀ ਹਿੱਸੇਦਾਰੀ ਵਾਲੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਅੱਤ ਦੀ ਮਹਿੰਗਾਈ ਤੋਂ ਪਰੇਸ਼ਾਨ ਦੇਸ਼ ਦੀ ਜਨਤਾ ਦੀ ਫ਼ਿਕਰ ਨਹੀਂ, ਸਿਰਫ਼ ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਦੀਆਂ ਤੇਲ ਕੰਪਨੀਆਂ ਦੇ ਮੁਨਾਫ਼ੇ ਨਾਲ ਸਰੋਕਾਰ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਵਰਗੇ ਸੱਤਾਧਾਰੀ ਭਾਈਵਾਲ ਦਾ 2014 ਦੀਆਂ ਲੋਕ ਸਭਾ ਚੋਣਾਂ ਦੇ ਵਾਅਦੇ ਮੁਤਾਬਿਕ ਮਹਿੰਗਾਈ ਨੂੰ ਨੱਥ ਪਾਉਣ ਦਾ ਇਰਾਦਾ ਹੁੰਦਾ ਤਾਂ ਮੋਦੀ ਸਰਕਾਰ ਤੇਲ ਦੀਆਂ ਕੀਮਤਾਂ ਕੰਟਰੋਲ ਕਰਨ ਵਾਲੀ ਆਪਣੀ ਜ਼ਿੰਮੇਵਾਰੀ ਤੋਂ ਨਾ ਭੱਜਦੀ। ‘ਆਪ’ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਨਤਾ ਦੇ ਹਿਤਾਂ ਨੂੰ ਦਾਅ ‘ਤੇ ਲਾਉਂਦੇ ਹੋਏ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਦੀ ਖੁੱਲ ਦੇ ਦਿੱਤੀ, ਜਿਸ ਦਾ ਨਤੀਜਾ ਇਹ ਨਿਕਲਿਆਂ ਕਿ 70 ਸਾਲਾਂ ਦੇ ਭਾਰਤੀ ਇਤਿਹਾਸ ‘ਚ ਬੀਤੇ ਦਿਨ ਐਤਵਾਰ ਨੂੰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ ‘ਤੇ ਜਾ ਚੜੀਆਂ। ਪਿਛਲੇ 7 ਦਿਨਾਂ ਤੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ‘ਚ ਰੋਜ਼ਾਨਾ ਵਾਧਾ ਹੋ ਰਿਹਾ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ‘ਚ ਤੇਲ ਦੀਆਂ ਕੀਮਤਾਂ ਵਧਣ ਵਿਰੁੱਧ ਹੋ-ਹੱਲਾ ਮਚਾਉਣ ਵਾਲੇ ਅਕਾਲੀ ਦਲ ਬਾਦਲ ਪ੍ਰਮੁੱਖ ਪ੍ਰਕਾਸ਼ ਸਿੰਘ ਬਾਦਲ ਆਪਣੀ ਮੋਦੀ ਸਰਕਾਰ ਦੀ ਇਸ ਲੋਕ ਵਿਰੋਧੀ ਫ਼ੈਸਲੇ ‘ਤੇ ਪੂਰੀ ਤਰਾਂ ਚੁੱਪ ਹਨ। ਡਾ. ਬਲਬੀਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਮੰਗ ਕੀਤੀ ਕਿ ਉਹ ਪੰਜਾਬ ਅਤੇ ਦੇਸ਼ ਦੇ ਲੋਕਾਂ ਲਈ ਮੋਦੀ ਸਰਕਾਰ ਨੂੰ ਤੇਲ ਦੀਆਂ ਕੀਮਤਾਂ ‘ਤੇ ਨੱਥ ਪਾਉਣ ਅਤੇ ਵਾਧੇ ਵਾਪਸ ਲੈਣ ਲਈ ਮਜਬੂਰ ਕਰਨ ਜਾਂ ਫਿਰ ਕੁਰਸੀ ਛੱਡ ਦੇਣ।
‘ਆਪ’ ਆਗੂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੋਂ ਵੀ ਮੰਗ ਕੀਤੀ ਕਿ ਝੋਨੇ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਡੀਜ਼ਲ ‘ਤੇ ਸੂਬੇ ਦੇ ਹਿੱਸੇ ਦਾ ਵੈਟ/ਟੈਕਸ ਛੱਡ ਕੇ ਕਿਸਾਨਾਂ ਤੇ ਆਮ ਆਦਮੀ ਦੇ ਹਿਤਾਂ ਦੀ ਰਾਖੀ ਕਰੇ।