ਫਾਜ਼ਿਲਕਾ 4 ਫਰਵਰੀ (ਰਿਤਿਸ਼) – ਜ਼ਿਲਾ ਮੈਜਿਸਟ੍ਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ ਅਤੇ ਸਮਾਲ ਟਾਊਨਸ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡ/ਟਰੱਸਟ ਦੇ ਮੁਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ 31 ਮਾਰਚ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਇਆ ਹਨ।ਇਨਾਂ ਕਾਰਨ ਇਲਾਕੇ ਵਿਚ ਤਣਾਅ ਪੈਦਾ ਹੋਣ ਦਾ ਡਰ ਬਣਿਆ ਰਹਿੰਦਾ ਹੈ ਜਿਸ ਕਾਰਨ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਉਨਾਂ ਦੱਸਿਆ ਕਿ ਇਨਾਂ ਹਾਲਤਾਂ ਵਿਚ ਇਹ ਜ਼ਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨਾਂ ਕਿਹਾ ਕਿ ਜ਼ਿਲੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਫੌਰੀ ਤੌਰ ‘ਤੇ ਚੁੱਕਣ ਦੀ ਜ਼ਰੂਰਤ ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ।