ਬਠਿੰਡਾ, 18 ਫਰਵਰੀ (ਗੁਰਜੀਤ) – ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਅਤੇ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕੀਤਾ ਜਾਵੇ। ਸਕੀਮ ਤਹਿਤ ਸੂਬੇ ਦੇ ਲੋੜਵੰਦ ਲੋਕਾਂ ਲਈ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਬੀ.ਸ਼੍ਰੀਨਿਵਾਸਨ ਨੇ ਜ਼ਿਲਾ ਪ੍ਰਬੰਧਕੀ ਕੈਪਲੈਕਸ ਵਿਖੇ ਹੋਈ ਵਰਚੂਅਲ ਮੀਟਿੰਗ ਦੌਰਾਨ ਦਿੱਤੀ।
ਵਰਚੂਅਲ ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਯੁਸਮਾਨ ਭਾਰਤ ਸਰਬੱਤ ਬੀਮਾ ਯੋਜਨਾ ਦਾ ਲਾਹਾ ਲੈਣ ਵਾਲੇ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਕੈਂਪ ਲਗਾ ਕੇ ਜਾਗਰੂਕ ਕੀਤਾ ਜਾਵੇ। ਉਨਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਖ਼ਾਸ ਹਦਾਇਤ ਕੀਤੀ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਇਸ ਦਾ ਲਾਹਾ ਲੈਣ ਤੋਂ ਵਾਝਾ ਨਾ ਰਹਿਣ ਦਿੱਤਾ ਜਾਵੇ।
ਉਨਾਂ ਦੱਸਿਆ ਕਿ ਇਸ ਯੋਜਨਾ ਦੇ ਈ-ਕਾਰਡ ‘ਕਾਮਨ ਸਰਵਿਸ ਸੈਂਟਰਾਂ’ (ਸੀ.ਐਸ.ਸੀਜ.) ’ਤੇ ਵੀ ਬਣਾਏ ਜਾ ਸਕਦੇ ਹਨ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇ, ਜਿਨਾਂ ਅਜੇ ਤੱਕ ਇਸ ਸਕੀਮ ਦੇ ਲਾਭਹਿੱਤ ਕਾਰਡ ਨਹੀਂ ਬਣਵਾਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ ਉਹ ਆਪਣੇ ਆਪ ਨੂੰ ਐਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਰਜਿਸਟਰਡ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਦੇ ਕਾਰਡ ਅਤੇ ਈ-ਕਾਰਡ ਜਾਰੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਨੂੰ ਇਹ ਸਹੂਲਤ ਤੁਰੰਤ ਮੁਹੱਈਆ ਕਰਵਾਈ ਜਾ ਸਕੇ। ਉਨਾਂ ਕਿਹਾ ਕਿ ਨਵੇਂ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰਾਂ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਏ.ਬੀ.ਐੱਸ.ਐੱਸ.ਬੀ.ਵਾਈ. ਸਕੀਮ ਦੇ ਈ-ਕਾਰਡ ਪ੍ਰਾਪਤ ਕਰਨ ਤਾਂ ਜੋ ਉਨਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਡੀ.ਐਫ਼.ਐਸ.ਸੀ. ਸ਼੍ਰੀ ਜਸਪ੍ਰੀਤ ਸਿੰਘ ਕਾਹਲੋਂ, ਜ਼ਿਲਾ ਮੈਨੇਜਰ ਸੀ.ਐਸ.ਸੀ. ਸ੍ਰੀ ਪਰੇਸ਼ ਗੋਇਲ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।