ਚੰਡੀਗੜ, 15 ਜਨਵਰੀ – ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ 86 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਪੰਜਾਬ ’ਚ 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ, ਜਦਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਚੋਣ ਲੜਨਗੇ।
ਮਲੋਟ ਤੋਂ ਵਿਧਾਇਕ ਅਜਾਇਬ ਸਿੰਘ ਭੱਟੀ ਦਾ ਪੱਤਾ ਕੱਟ ਕੇ ‘ਆਪ’ ਛੱਡ ਕੇ ਕਾਂਗਰਸ ’ਚ ਆਈ ਬਠਿੰਡਾ ਦਿਹਾਤੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਉਮੀਦਵਾਰ ਐਲਾਨਿਆ ਹੈ, ਜਦਕਿ ਮੋਗਾ ਤੋਂ ਵਿਧਾਇਕ ਡਾ. ਹਰਜੋਤ ਕਮਲ ਦੀ ਥਾਂ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਟਿਕਟ ਮਿਲੀ ਹੈ। ਬੱਲੂਆਣਾ ਤੋਂ ਨੱਥੂ ਰਾਮ ਦੀ ਟਿਕਟ ਵੀ ਕੱਟ ਰਹੀ ਹੈ। ਇਸ ਸੀਟ ਤੋਂ ਰਾਜਿੰਦਰ ਕੌਰ ਨੂੰ ਉਤਾਰਿਆ ਹੈ, ਉੱਥੇ ਹੀ ਈ ਡੀ ਦੇ ਘੇਰੇ ‘ਚ ਆਏ ਸੁਖਪਾਲ ਸਿੰਘ ਖਹਿਰਾ ਵੀ ਕਾਂਗਰਸ ਪਾਰਟੀ ਵੱਲੋਂ ਹਲਕਾ ਭੁੱਲਥ ਤੋਂ ਉਮੀਦਵਾਰ ਬਣਾਏ ਗਏ ਹਨ ।