25 ਮਾਰਚ 2023-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਨੂੰ ਹਦਾਇਤ ਦਿੱਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਵਿਚ ਤੁਰੰਤ ਗਿਰਦਾਵਰੀ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰੇ ਜਿਸ ਨਾਲ ਫਸਲਾਂ, ਬਾਗਾਂ ਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦ ਤੋਂ ਜਲਦ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਉਣ ਜਿਸ ਨਾਲ ਪ੍ਰਭਾਵਿਤ ਲੋਕਾਂ ਨੂੰ ਨਿਯਮ ਅਨੁਸਾਰ ਮੁਆਵਜ਼ਾ ਦਿੱਤਾ ਜਾ ਸਕੇ।ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਤਰ੍ਹਾਂ ਤੋਂ ਉੁਨ੍ਹਾਂ ਦੀ ਮਦਦ ਕੀਤੀ ਜਾਵੇਗੀ।