1 ਅਪ੍ਰੈਲ 2023- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜੇਲ੍ਹ ਚ ਬੰਦ ਲਾਰੈਂਸ ਬਿਸ਼ਨੋਈ ਗੈਂਗ ਲਗਾਤਾਰ ਕਿਸੇ ਨਾ ਕਿਸੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਕਈ ਵਾਰ ਸੁਪਰਸਟਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਦੇ ਨਾਲ ਹੀ ਲਾਰੈਂਸ ਬਿਸ਼ਨੋਈ ਗੈਂਗ ਨੇ ਸ਼ਿਵ ਸੈਨਾ ਦੇ ਮਜ਼ਬੂਤ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗ ਨੇ ਸੰਜੇ ਰਾਉਤ ਨੂੰ ਧਮਕੀ ਭਰਿਆ ਸੰਦੇਸ਼ ਭੇਜਿਆ ਹੈ। ਮੈਸੇਜ ਵਿੱਚ ਸਿੱਧੂ ਮੂਸੇਵਾਲਾ ਵਾਂਗ ਉਨ੍ਹਾਂ ਨੂੰ ਵੀ ਦਿੱਲੀ ਵਿੱਚ ਉਸੇ ਤਰ੍ਹਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਰਾਜ ਸਭਾ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਮੈਨੂੰ ਧਮਕੀ ਭਰਿਆ ਸੁਨੇਹਾ ਮਿਲਿਆ ਹੈ ਅਤੇ ਮੈਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਮੈਂ ਇਸ ਧਮਕੀ ਤੋਂ ਨਹੀਂ ਡਰਾਂਗਾ। ਮੇਰੇ ‘ਤੇ ਪਹਿਲਾਂ ਵੀ ਅਜਿਹੇ ਹਮਲੇ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪੁਲਿਸ ਨੇ ਕੀ ਕੀਤਾ, ਸੂਬੇ ਦੇ ਗ੍ਰਹਿ ਮੰਤਰੀ ਨੇ ਕੀ ਕੀਤਾ?ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਸ਼ਿਵ ਸੈਨਾ (ਊਧਵ ਠਾਕਰੇ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਗੈਂਗ ਵੱਲੋਂ ਧਮਕੀ ਭਰਿਆ ਸੁਨੇਹਾ ਮਿਲਿਆ ਹੈ। ਇਸ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਤਰ੍ਹਾਂ ਦਿੱਲੀ ਵਿੱਚ ਕਤਲ ਕੀਤੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ। ਸੰਜੇ ਰਾਉਤ ਨੇ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।