5 ਮਈ 2023-ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਖਿਲਾਫ ਪਹਿਲਵਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਬੁੱਧਵਾਰ ਰਾਤ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਅਤੇ ਦਿੱਲੀ ਪੁਲਿਸ ਵਿਚਾਲੇ ਝੜਪ ਹੋ ਗਈ। ਧਰਨੇ ‘ਤੇ ਬੈਠੇ ਪਹਿਲਵਾਨਾਂ ਨੂੰ ਸਿਆਸੀ ਪਾਰਟੀਆਂ ਦੇ ਨਾਲ-ਨਾਲ ਕਿਸਾਨਾਂ ਦਾ ਵੀ ਸਮਰਥਨ ਮਿਲ ਰਿਹਾ ਹੈ।ਪਹਿਲਵਾਨਾਂ ਨਾਲ ਇਕਜੁੱਟਤਾ ਦਿਖਾਉਣ ਲਈ ਦਿੱਲੀ ਆ ਰਹੇ ਕਿਸਾਨਾਂ ਦੇ ਇੱਕ ਜਥੇ ਨੂੰ ਸਿੰਘੂ ਬਾਰਡਰ ‘ਤੇ ਦਿੱਲੀ ਪੁਲਿਸ ਨੇ ਰੋਕ ਦਿੱਤਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਇਨ੍ਹਾਂ ‘ਚੋਂ 25 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਅਤੇ ਪੁਲਿਸ ਉਨ੍ਹਾਂ ਨੂੰ ਬਵਾਨਾ ਥਾਣੇ ਲੈ ਗਈ ਅਤੇ ਕਰੀਬ ਛੇ ਘੰਟੇ ਬਾਅਦ ਛੱਡ ਦਿੱਤਾ ਗਿਆ। ਇਸ ਤੋਂ ਬਾਅਦ ਸਾਰੇ ਜੰਤਰ-ਮੰਤਰ ਲਈ ਰਵਾਨਾ ਹੋ ਗਏ।ਦੱਸ ਦਈਏ ਕਿ ਉਹ ਪਹਿਲਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਣ ਲਈ ਜੰਤਰ-ਮੰਤਰ ਜਾ ਰਹੇ ਸਨ। ਜ਼ਿਕਰਯੋਗ ਹੈ ਕਿ ਪਹਿਲਵਾਨਾਂ ਨੇ ਬੀਤੀ ਰਾਤ ਜੰਤਰ-ਮੰਤਰ ‘ਤੇ ਦਿੱਲੀ ਪੁਲਿਸ ਦੇ ਕਰਮਚਾਰੀਆਂ ‘ਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦਾ ਦੋਸ਼ ਲਗਾਇਆ ਸੀ ਅਤੇ ਲੋਕਾਂ ਨੂੰ ਸਮਰਥਨ ‘ਚ ਪਹੁੰਚਣ ਦੀ ਅਪੀਲ ਕੀਤੀ ਸੀ।