18 ਮਈ 2023-ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ ਹੋਈ, ਜਿਸ ਚ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਦਾ ਜਾਇਜ਼ਾ ਲੈਂਦਿਆਂ ਸੀਲਬੰਦ ਰਿਪੋਰਟ ਸੌਂਪੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ, ਜਿਸ ਚ ਹਾਈਕੋਰਟ ਆਪਣਾ ਫੈਸਲਾ ਸੁਣਾਏਗਾ। 6 ਦਿਨ ਪਹਿਲਾਂ ਹੋਈ ਸੁਣਵਾਈ ਚ ਪੰਜਾਬ ਸਰਕਾਰ ਸਟੇਟਸ ਰਿਪੋਰਟ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਇਸ ਦਾ ਕਾਰਨ ਕੇਂਦਰੀ ਏਜੰਸੀਆਂ ਵਲੋਂ ਜਵਾਬ ਨਾ ਮਿਲਣਾ ਦੱਸਿਆ, ਜਿਸ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿਤੇ ਸਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਿੱਧੂ ਨੇ ਪਟਿਆਲਾ ‘ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਛੱਤ ‘ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਦੀ ਜਾਨ ਦਾ ਖ਼ਤਰਾ ਹੈ। ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਹਾਲ ਹੀ ‘ਚ ਪਟਿਆਲਾ ਜੇਲ ਤੋਂ ਪਰਤੇ ਹਨ। ਇਸ ਤੋਂ ਬਾਅਦ ਹੀ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿਤੀ ਸੀ। ਜਿਸ ਤੋਂ ਬਾਅਦ ਉਸ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।