20 ਮਈ 2023-ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਆਵਾਜ਼ ਦਾ ਨਮੂਨਾ ਸ਼ਿਕਾਇਤਕਰਤਾ ਵੱਲੋਂ ਵਿਜੀਲੈਂਸ ਨੂੰ ਦਿੱਤੀ ਗਈ ਰਿਕਾਰਡਿੰਗ ਦੀ ਆਵਾਜ਼ ਨਾਲ ਮਿਲਦਾ ਪਾਇਆ ਗਿਆ ਹੈ। ਇਸ ਗੱਲ ਦੀ ਪੁਸ਼ਟੀ ਫੋਰੈਂਸਿਕ ਲੈਬ ਮੁਹਾਲੀ ਨੇ ਵਿਜੀਲੈਂਸ ਰੇਂਜ ਬਠਿੰਡਾ ਨੂੰ ਪੱਤਰ ਭੇਜ ਕੇ ਕੀਤੀ ਹੈ। ਭਾਵੇਂ ਕਿ ਸਥਾਨਕ ਪੱਧਰ ਦੇ ਅਧਿਕਾਰੀ ਇਸ ਸਬੰਧ ਵਿਚ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੇ ਹਨ ਪਰ ਮੰਨਿਆ ਜਾ ਰਿਹਾ ਹੈ ਕਿ 22 ਮਈ ਨੂੰ ਅਦਾਲਤ ਵਿਚ ਪੇਸ਼ੀ ਦੌਰਾਨ ਵਿਜੀਲੈਂਸ ਅਧਿਕਾਰੀਆਂ ਵੱਲੋਂ ਫੋਰੈਂਸਿਕ ਲੈਬ ਵੱਲੋਂ ਭੇਜੀ ਗਈ ਰਿਪੋਰਟ ਪੇਸ਼ ਕੀਤੀ ਜਾ ਸਕਦੀ ਹੈ। ਇਸ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਪਟਿਆਲਾ ਜੇਲ੍ਹ ’ਚ ਬੰਦ ‘ਆਪ’ ਵਿਧਾਇਕ ਅਮਿਤ ਰਤਨ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ ਕਿਉਂਕਿ ਹੁਣ ਤੱਕ ਇਸ ਮਾਮਲੇ ’ਚ ਵਿਧਾਇਕ ਪੱਖ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਸਿਆਸੀ ਦੁਸ਼ਮਣੀ ’ਚ ਫਸਾਇਆ ਗਿਆ ਹੈ, ਪਰ ਰਿਕਾਰਡਿੰਗ ’ਚ ਉਹ ਪੈਸਿਆਂ ਦੇ ਲੈਣ-ਦੇਣ ਦੀ ਗੱਲ ਕਰ ਰਿਹਾ ਹੈ, ਜਿਸ ਕਾਰਨ ਵਿਜੀਲੈਂਸ ਲਗਾਤਾਰ ਉਸ ’ਤੇ ਸ਼ਕਿੰਜਾ ਕੱਸ ਰਹੀ ਹੈ ਅਤੇ ਉਕਤ ਆਵਾਜ਼ ਦੇ ਨਮੂਨੇ ਦੀ ਰਿਪੋਰਟ ਸਬੂਤ ਵਜੋਂ ਅਦਾਲਤ ’ਚ ਕਾਫੀ ਅਹਿਮ ਹੋਵੇਗੀ।