ਬਠਿੰਡਾ, 16 ਅਗਸਤ (ਰਾਮ ਸਿੰਘ ਗਿੱਲ) : ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਅੰਦਰ ਨੌਜਵਾਨਾਂ ‘ਚ ਖੇਡ ਸੱਭਿਆਚਾਰ ਪੈਦਾ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਏ ਗਏ ਸੁਪਨੇ ਨੂੰ ਹਕੀਕੀ ਰੂਪ ਦੇਣ ਲਈ ਕਰਵਾਈਆਂ ਜਾ ਰਹੀਆਂ ਦੂਸਰੀਆਂ “ਖੇਡਾਂ ਵਤਨ ਪੰਜਾਬ” ਦੀਆਂ ਦੀ ਸ਼ੁਰੂਆਤ 29 ਅਗਸਤ 2023 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਤੋਂ ਹੋਵੇਗੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡਾਂ ਦੇ ਅਗਾਊਂ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਬੈਠਕ ਦੌਰਾਨ ਸਾਂਝੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਗਿੱਧਾ-ਭੰਗੜਾ, ਸਕੂਲੀ ਵਿਦਿਆਰਥੀਆਂ ਵੱਲੋਂ ਪੀਟੀ ਸ਼ੋਅ, ਗੱਤਕਾ ਆਦਿ ਤੋਂ ਇਲਾਵਾ ਪ੍ਰਸਿੱਧ ਲੋਕ ਗਾਇਕਾਂ ਵਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਨ੍ਹਾਂ ਨੂੰ ਜ਼ਿਮੇਵਾਰੀਆਂ ਸੌਂਪੀਆਂ, ਜਿਨ੍ਹਾਂ ਨੂੰ ਤਹਿ ਸਮੇਂ ਅਨੁਸਾਰ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼ ਵੀ ਦਿੱਤੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਟੇਡੀਅਮ ਦੀ ਸਾਫ਼-ਸਫ਼ਾਈ, ਖਿਡਾਰੀਆਂ ਦੇ ਰਹਿਣ-ਸਹਿਣ, ਖਾਣ-ਪੀਣ, ਟਰਾਂਸਪੋਰਟ, ਟ੍ਰੈਫ਼ਿਕ ਤੇ ਬਿਜਲੀ ਦੀ ਨਿਰਵਿਘਨ ਸਪਲਾਈ, ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ, ਫਾਇਰ ਬ੍ਰਿਗੇਡ, ਸਾਫ਼ ਪੀਣ ਵਾਲਾ ਪਾਣੀ, ਆਰਜ਼ੀ ਪਖਾਨਿਆਂ, ਬੈਰੀਕੇਡਿੰਗ ਅਤੇ ਪਾਰਕਿੰਗ ਆਦਿ ਲਈ ਲੋੜੀਂਦੇ ਅਗਾਊਂ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਡਾ. ਮਨਦੀਪ ਕੌਰ, ਐਸਡੀਐਮ ਬਠਿੰਡਾ ਅਨਾਇਤ, ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼, ਐਸਡੀਐਮ ਮੌੜ ਵਰਿੰਦਰ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਪੰਕਜ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।