ਮੋਹਾਲੀ, 18 ਸਤੰਬਰ – ਆਮ ਆਦਮੀ ਪਾਰਟੀ ਪੰਜਾਬ ਨੂੰ ਅੱਜ ਉਸ ਸਮੇਂ ਹੋਰ ਮਜਬੂਤੀ ਮਿਲੀ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਮੋਹਾਲੀ ਵਿਖੇ ਵਿਧਾਇਕ ਕੁਲਵੰਤ ਸਿੰਘ, ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਅੰਨੂ ਬੱਬਰ ਅਤੇ ਯੂਥ ਆਗੂ ਰਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਅਪਣੇ ਦਫ਼ਤਰ ਵਿੱਚ ਇਨ੍ਹਾਂ ਨੌਜਵਾਨਾਂ ਦਾ ਪਾਰਟੀ ਵਿੱਚ ਰਸਮੀ ਸਵਾਗਤ ਕਰਦੇ ਹੋਏ ਕਿਹਾ ਕਿ ਜਿਸ ਤਰੀਕੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਨੌਜਵਾਨਾਂ ਦੇ ਭਲੇ ਲਈ ਦਿਨ ਰਾਤ ਇੱਕ ਕਰ ਰਹੇ ਹਨ। ਉਸ ਨਾਲ ਨੌਜਵਾਨ ਤਬਕੇ ਵਿੱਚ ਇੱਕ ਆਸ ਦੀ ਕਿਰਨ ਪੈਦਾ ਹੋਈ ਹੈ ਅਤੇ ਨੌਜਵਾਨਾਂ ਦਾ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ।
ਯੂਥ ਜ਼ਿਲ੍ਹਾ ਪ੍ਰਧਾਨ ਅਨੂੰ ਬੱਬਰ ਨੇ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਂਦੇ ਹੋਏ ਭਰੋਸਾ ਦਿੱਤਾ ਕਿ ਇਨ੍ਹਾਂ ਦੇ ਮਾਣ ਸਨਮਾਨ ਦਾ ਪਾਰਟੀ ਵਿੱਚ ਹਰ ਤਰੀਕੇ ਨਾਲ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਹਮੇਸ਼ਾਂ ਵਚਨਬੱਧ ਹੈ ਜਿਸ ਦੇ ਤਹਿਤ ਸਰਕਾਰ ਵੱਲੋ ਹੁਣ ਤੱਕ 35000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਨੌਜਵਾਨ ਸਾਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੇ ਸਰਕਾਰ ਵੱਲੋ ਨੋਜਵਾਨਾਂ ਦੇ ਭਵਿੱਖ ਲਈ ਪੁਟੇ ਗਏ ਕਦਮਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਜਲਦ ਹੀ ਆਉਣ ਵਾਲੇ ਦਿਨਾਂ ਵਿੱਚ ਹੋਰ ਨੌਜਵਾਨ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਯੂਥ ਆਗੂ ਮੁਖਤਿਆਰ ਸਿੰਘ, ਜਗਦੇਵ ਸ਼ਰਮਾ, ਮਲਕੀਤ ਰਾਏਪੁਰ, ਲੱਕੀ ਨਗਾਰੀ, ਕਰਮਜੀਤ ਕੁਮਾਰ ਆਦਿ ਹਾਜ਼ਰ ਸਨ।