ਬਠਿੰਡਾ, 18 ਸਤੰਬਰ (ਨਵਰੀਤ ਚੌਧਰੀ): ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਦੇ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਣ ਸੰਬੰਧੀ ਜਾਗਰੂਕ ਕਰਨ ਦੇ ਮੱਦੇਨਜ਼ਰ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਰ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਵਣ ਤੇ ਜੰਗਲੀ ਜੀਵ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਹੈ। ਇਹ ਜਾਣਕਾਰੀ ਕਾਲਜ ਦੇ ਪ੍ਰਿੰਸੀਪਲ ਅਨੁਜਾ ਪੁਪਨੇਜਾ ਨੇ ਸਾਂਝੀ ਕੀਤੀ।
ਇਸ ਮੌਕੇ ਪ੍ਰਿੰਸੀਪਲ ਨੇ ਵਣ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੁਦਰਤ ਦਾ ਸੰਤੁਲਨ ਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਹਰ ਸਾਲ ਵਿਸ਼ੇਸ਼ ਮਹਿੰਮ ਅਧੀਨ ਰੁੱਖ ਲਗਾਏ ਜਾਂਦੇ ਹਨ ਅਤੇ ਕਾਲਜ ਵੱਲੋਂ ਨਾਨਕ ਬਗੀਚੀ ਬਣਾਈ ਵੀ ਗਈ ਹੈ ਜਿਸ ਵਿੱਚ ਵੱਖੋਂ-ਵੱਖਰੀਆਂ ਕਿਸਮਾਂ ਦੇ ਹਰਬਲ ਪੌਦੇ ਲਗਾਏ ਗਏ ਹਨ।
ਇਸ ਮੌਕੇ ਵਣ ਵਿਭਾਗ ਵੱਲੋਂ ਆਏ ਨੁਮਾਇੰਦੇ ਗੁਰਦੀਪ ਸਿੰਘ ਸਿੱਧੂ ਤੇ ਸ੍ਰੀਮਤੀ ਖੁਸਦੀਪ ਕੌਰ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦਾ ਪਾਲਣਾ ਕਰਨ ਦੀ ਵੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਹਰਬਲ ਪੌਦਿਆਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਵਣ ਵਿਭਾਗ ਦੀਆਂ ਨਰਸੀਆਂ ਵਿੱਚੋਂ ਵੱਖੋ-ਵੱਖਰੀਆਂ ਕਿਸਮਾਂ ਦੇ ਪੌਦੇ ਅਤੇ ਰੁੱਖ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਬਾਰਵੀਂ ਪਾਸ ਵਿਦਿਅਰਥੀ ਵਣ ਰੱਖਿਅਕ ਦੇ ਤੌਰ ਤੇ ਭਰਤੀ ਹੋ ਕੇ ਵਾਤਾਵਰਨ ਦੀ ਸਾਂਭ-ਸੰਭਾਲ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਡਾ. ਸੁਸ਼ੀਲ ਕੁਮਾਰ ਸਿੰਗਲਾ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਆਦਿ ਸ਼ਾਮਲ ਸਨ।