ਮੁਹਾਲੀ22 ਸਤੰਬਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ’ਤੇ ਪਾਏ ਜਾ ਰਹੇ ਵਿੱਤੀ ਬੋਝ ਖ਼ਿਲਾਫ਼ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਅਤੇ 8ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਲਈ ਸਰਟੀਫਿਕੇਟ ਲੈਣ ਲਈ 200 ਰੁਪਏ ਫੀਸ ਰੱਖੀ ਹੈ। ਇਸ ਦੇ ਨਾਲ ਹੀ ਰਜਿਸਟ੍ਰੇਸ਼ਨ ਲਈ ਪ੍ਰਤੀ ਵਿਦਿਆਰਥੀ 200 ਰੁਪਏ ਫੀਸ ਵਸੂਲੀ ਜਾ ਰਹੀ ਹੈ।ਦੇਰੀ ਨਾਲ ਰਜਿਸਟ੍ਰੇਸ਼ਨ ਕਰਵਾਉਣ ‘ਤੇ 1500 ਰੁਪਏ ਜੁਰਮਾਨਾ ਭਰਨਾ ਪਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਸਰਟੀਫਿਕੇਟ ਦੀ ਹਾਰਡ ਕਾਪੀ ਜਾਰੀ ਕਰਨ ਲਈ 5ਵੀਂ, 8ਵੀਂ,10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੋਂ 200 ਰੁਪਏ ਵਸੂਲੇ ਜਾਣ ਦਾ ਐਲਾਨ ਕੀਤਾ ਗਿਆ ਹੈ। ਰਾਈਟ-ਟੂ -ਐਜੂਕੇਸ਼ਨ 2009 ਤਹਿਤ 5ਵੀਂ-8ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਕਿਸੇ ਕਿਸਮ ਦੀ ਕੋਈ ਫੀਸ ਨਹੀਂ ਲਈ ਜਾ ਸਕਦੀ।ਟੀਚਰਜ਼ ਫਰੰਟ ਦੇ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਜਨਰਲ ਸਕੱਤਰ ਬਲਬੀਰ ਚੰਦ ਲੌਂਗੋਵਾਲ ਨੇ ਕਿਹਾ ਕਿ ਬੋਰਡ ਮਨਮਾਨੇ ਢੰਗ ਨਾਲ ਫੀਸ ਨਹੀਂ ਵਸੂਲ ਸਕਦਾ। ਅਸੀਂ ਇਸਦਾ ਵਿਰੋਧ ਕਰ ਰਹੇ ਹਾਂ। 5ਵੀਂ ਅਤੇ 8ਵੀਂ ਜਮਾਤ ਦੇ ਲੱਖਾਂ ਵਿਦਿਆਰਥੀ ਹਨ, ਜਿਨ੍ਹਾਂ ਦੇ ਮਾਪਿਆਂ ਤੋਂ ਫੀਸਾਂ ਦੇ ਨਾਂ ‘ਤੇ ਕਰੋੜਾਂ ਰੁਪਏ ਵਸੂਲੇ ਜਾਂਦੇ ਹਨ।