ਜਲੰਧਰ , 20 ਨਵੰਬਰ 2023-ਨਕੋਦਰ ਦੇ ਪਿੰਡ ਸੀਹੋਵਾਲ ਦੇ ਨੰਬਰਦਾਰ ਸਰਬਜੀਤ ਸਿੰਘ ਨੂੰ ਸਰਕਾਰ ਨੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ। ਨੰਬਰਦਾਰ ਨੂੰ ਆਪਣੇ ਖੇਤਾਂ ਵਿਚ ਪਰਾਲੀ ਸਾੜਨ ਦੇ ਦੋਸ਼ਾਂ ਵਿਚ ਮੁਅੱਤਲ ਕੀਤਾ ਗਿਆ ਹੈ।ਜਲੰਧਰ ਦੇ ਡੀਸੀ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸੁਪਰੀਮ ਕੋਰਟ ਤੇ ਪੰਜਾਬ ਸਰਕਾਰ ਨੇ ਝੋਨੇ ਦੀ ਕਟਾਈ ਦੇ ਬਾਅਦ ਪਰਾਲੀ ਸਾੜਨ ‘ਤੇ ਪਾਬੰਦੀ ਲਗਾਈ ਹੋਈ ਹੈ ਤੇ ਇਸ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।ਨੰਬਰਦਾਰ ਸਰਬਜੀਤ ਸਿੰਘ ਦੀ ਪਹਿਲੀ ਡਿਊਟੀ ਸੁਪਰੀਮ ਕੋਰਟ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਹੋਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਦੀ ਸੀ। ਸਰਬਜੀਤ ਨੇ ਇਨ੍ਹਾਂ ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਖੁਦ ਹੀ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ। ਸਰਬਜੀਤ ਸਿੰਘ ਨੂੰ 5,000 ਰੁਪਏ ਦਾ ਚਾਲਾਨ ਵੀ ਕੱਟਿਆ ਗਿਆ ਹੈ। ਨੰਬਰਦਾਰ ਸਰਬਜੀਤ ਸਿੰਘ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ 28 ਨਵੰਬਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣਾ ਹੋਵੇਗਾ।