01, ਦਸੰਬਰ – ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 3 ਤੋਂ 10 ਦਸੰਬਰ ਤੱਕ ਅੰਤਰ ਰਾਸਟਰੀ ਦਿਵਿਆਂਗ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ 5 ਦਸੰਬਰ ਨੂੰ ਰਾਜ ਪੱਧਰੀ ਸਮਾਗਮ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਿਵੇਕਲੀ ਪਹਿਲ ਕਦਮੀ ਕਰਦਿਆਂ ਹੋਇਆ ਇਸ ਸਾਲ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸੰਬੰਧੀ ਚੱਲ ਰਹੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਂਣ ਦੇ ਲਈ ਹਰੇਕ ਜ਼ਿਲ੍ਹੇ ਵਿੱਚ ਸਮਾਗਮ ਆਯੋਜਿਤ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।