ਬਠਿੰਡਾ, 15 ਫਰਵਰੀ (ਵੀਰਪਾਲ ਕੌਰ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਪਰ ਹੁਣ ਮੋਰਚੇ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ। ਸੂਬਾਈ ਆਗੂਆਂ ਨੇ ਅਗਲੇ ਸੂਬਾ ਪੱਧਰੀ ਸੰਘਰਸ਼ ਸੰਬੰਧੀ ਨੋਟਿਸ ਜ਼ਿਲ੍ਹਾ ਪ੍ਰਸ਼ਾਸਨ ਸਹਾਇਕ ਕਮਿਸ਼ਨਰ ਪੰਕਜ਼ ਕੁਮਾਰ ਪੀ.ਸੀ.ਐੱਸ.ਬਠਿੰਡਾ ਨੂੰ ਸੌਂਪਿਆ।
ਇਸ ਮੌਕੇ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਜੱਸੀ,ਖੁਸ਼ਦੀਪ ਸਿੰਘ,ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਆਪਣਾ ਸਮਾਂ ਲੰਘਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ਆਪ ਸਰਕਾਰ ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਅਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ।
ਆਗੂਆਂ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਸਾਹਿਬ ਸਮੂਹ ਸੰਘਰਸ਼ਸ਼ੀਲ ਧਿਰਾਂ ਨੂੰ ਸੜਕਾਂ ਨਾ ਜਾਮ ਕਰਨ ਅਤੇ ਚੰਡੀਗੜ੍ਹ ਆਕੇ ਮੀਟਿੰਗਾਂ ਕਰਨ ਦੀਆਂ ਨਸੀਹਤਾਂ ਦੇ ਰਹੇ ਹਨ ਅਤੇ ਦੂਜੇ ਪਾਸੇ ਮੁੱਖ ਮੰਤਰੀ ਸਾਹਿਬ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ-ਮਸਲਿਆਂ ਦੇ ਹੱਲ ਲਈ ਮੀਟਿੰਗਾਂ ਦਾ ਸਮਾਂ ਦੇਕੇ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਨੂੰ 19 ਵਾਰ ਪੈਨਲ ਮੀਟਿੰਗਾਂ ਕਰਨ ਦੇ ਲਿਖਤੀ ਭਰੋਸ਼ੇ ਦੇਣ ਦੇ ਬਾਵਜੂਦ ਵੀ ‘ਮੋਰਚੇ’ ਦੀ ਸੂਬਾ ਕਮੇਟੀ ਨਾਲ਼ ਮੁੱਖ ਮੰਤਰੀ ਸਾਹਿਬ ਨੇ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ,ਜਿਸ ਦੇ ਰੋਸ਼ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ ’27 ਫ਼ਰਵਰੀ’ ਨੂੰ ਪੰਜਾਬ ਦੇ ਕਿਸੇ ਇੱਕ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਜਾਵੇਗਾ।