ਨਵੀਂ ਦਿੱਲੀ, 27 ਮਾਰਚ 2024: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਕਾਨੂੰਨ (ਫੇਮਾ) ਦੀ ਉਲੰਘਣਾ ਦੇ ਮਾਮਲੇ ‘ਚ ਤ੍ਰਿਣਮੂਲ ਕਾਂਗਰਸ ਦੇ ਆਗੂ ਮਹੂਆ ਮੋਇਤਰਾ ਅਤੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਪੁੱਛਗਿੱਛ ਲਈ 28 ਮਾਰਚ ਨੂੰ ਨਵਾਂ ਸੰਮਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿਤੀ।
ਤ੍ਰਿਣਮੂਲ ਆਗੂ ਨੂੰ ਪਹਿਲਾਂ ਕੇਂਦਰੀ ਏਜੰਸੀ ਨੇ ਪੁੱਛਗਿੱਛ ਲਈ ਬੁਲਾਇਆ ਸੀ। ਮੋਇਤਰਾ ਨੂੰ ਦਸੰਬਰ ਵਿਚ “ਰਿਸ਼ਵਤ ਲੈ ਕੇ ਸਵਾਲ ਪੁੱਛਣ” ਦੇ ਇਲਜ਼ਾਮ ਤਹਿਤ ਲੋਕ ਸਭਾ ਵਿਚੋਂ ਬਰਖ਼ਾਸਤ ਕਰ ਦਿਤਾ ਗਿਆ ਸੀ। ਉਨ੍ਹਾਂ ਦੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੱਛਮੀ ਬੰਗਾਲ ਦੀ ਕ੍ਰਿਸ਼ਨਾਨਗਰ ਸੀਟ ਤੋਂ ਉਨ੍ਹਾਂ ਨੂੰ ਦੁਬਾਰਾ ਉਮੀਦਵਾਰ ਐਲਾਨਿਆ ਹੈ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ‘ਰਿਸ਼ਵਤ ਲੈ ਕੇ ਸਵਾਲ ਪੁੱਛਣ’ ਦੇ ਮਾਮਲੇ ‘ਚ ਭ੍ਰਿਸ਼ਟਾਚਾਰ ਰੋਕੂ ਸੰਸਥਾ ਲੋਕਪਾਲ ਨੂੰ ਸ਼ਿਕਾਇਤ ਦਿਤੀ ਸੀ, ਜਿਸ ਦੀ ਜਾਂਚ ਦੇ ਨਿਰਦੇਸ਼ ਦਿਤੇ ਗਏ ਸਨ। ਨਿਰਦੇਸ਼ ਦਿਤੇ ਜਾਣ ਦੇ ਕੁੱਝ ਦਿਨਾਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਇਸ ਮਾਮਲੇ ‘ਚ ਮੋਇਤਰਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।