ਨਵੀਂ ਦਿੱਲੀ, 15 ਮਈ : ਸੋਧੇ ਗਏ ਨਾਗਰਿਕਤਾ ਕਾਨੂੰਨ (CAA) ਤਹਿਤ ਬੁਧਵਾਰ ਨੂੰ ਪਹਿਲੇ ਸਰਟੀਫਿਕੇਟ ਜਾਰੀ ਕਰਨ ਦੇ ਨਾਲ ਹੀ 14 ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿਤੀ ਗਈ। ਇਸ ਦੇ ਨਾਲ ਹੀ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ’ਚ ਤਸ਼ੱਦਦ ਝੱਲ ਕੇ ਭਾਰਤ ਆਏ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ।
ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਕੇਂਦਰੀ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਨੇ ਇਕ ਨਿਰਧਾਰਤ ਪੋਰਟਲ ਰਾਹੀਂ ਅਰਜ਼ੀਆਂ ਦੀ ਆਨਲਾਈਨ ਪ੍ਰਵਾਨਗੀ ਤੋਂ ਬਾਅਦ 14 ਲੋਕਾਂ ਨੂੰ ਸਰਟੀਫਿਕੇਟ ਸੌਂਪੇ। ਸੀ.ਏ.ਏ. ਨੂੰ ਦਸੰਬਰ 2019 ’ਚ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ 31 ਦਸੰਬਰ, 2014 ਨੂੰ ਜਾਂ ਇਸ ਤੋਂ ਪਹਿਲਾਂ ਭਾਰਤ ਆਏ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਲਈ ਲਾਗੂ ਕੀਤਾ ਗਿਆ ਸੀ। ਇਨ੍ਹਾਂ ’ਚ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕ ਸ਼ਾਮਲ ਹਨ।
ਕਾਨੂੰਨ ਬਣਨ ਤੋਂ ਬਾਅਦ ਸੀ.ਏ.ਏ. ਨੂੰ ਰਾਸ਼ਟਰਪਤੀ ਦੀ ਸਹਿਮਤੀ ਮਿਲ ਗਈ ਸੀ ਪਰ ਜਿਨ੍ਹਾਂ ਨਿਯਮਾਂ ਤਹਿਤ ਭਾਰਤ ਦੀ ਨਾਗਰਿਕਤਾ ਦਿਤੀ ਜਾਣੀ ਸੀ, ਉਹ ਚਾਰ ਸਾਲ ਤੋਂ ਵੱਧ ਦੀ ਦੇਰੀ ਤੋਂ ਬਾਅਦ ਇਸ ਸਾਲ 11 ਮਾਰਚ ਨੂੰ ਜਾਰੀ ਕੀਤੇ ਗਏ ਸਨ।