ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਪਿੰਡ ਝੰਜੋਟੀ, ਅੰਮ੍ਰਿਤਸਰ, ਸਾਜਨ ਸਿੰਘ ਵਾਸੀ ਪਿੰਡ ਭਕਨਾ ਕਲਾਂ, ਅੰਮ੍ਰਿਤਸਰ ਅਤੇ ਸਤਨਾਮ ਸਿੰਘ ਵਾਸੀ ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ .30 ਬੋਰ ਦੇ ਇੱਕ ਪਿਸਤੌਲ ਸਮੇਤ .30 ਬੋਰ ਦੇ 26 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਮਾਰੂਤੀ ਸਵਿਫ਼ਟ ਕਾਰ ਅਤੇ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਖੂਫੀਆ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਨੇ ਪਿੰਡ ਧਰਮਕੋਟ ਪੱਤਣ ਨੇੜੇ ਭਾਰਤ-ਪਾਕਿ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਹ ਖੇਪ ਅੱਗੇ ਨਸ਼ਾ ਸਪਲਾਇਰ ਸਤਨਾਮ ਸਿੰਘ ਨੂੰ ਅੰਮ੍ਰਿਤਸਰ ਵਿੱਚ ਖਾਲਸਾ ਕਾਲਜ ਦੇ ਸਾਹਮਣੇ ਕੋਟ ਖਾਲਸਾ ਨੇੜੇ ਪਹੁੰਚਾਉਣੀ ਹੈ।
ਉਨ੍ਹਾਂ ਦੱਸਿਆ ਕਿ ਇਸ ਸੂਹ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਸੀਆਈ ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਅੱਡਾ ਖੁਸਰੋ ਟਾਹਲੀ ਵਿਖੇ ਵਿਸ਼ੇਸ਼ ਨਾਕਾ ਲਗਾਇਆ ਅਤੇ ਗੁਰਸਾਹਿਬ ਤੇ ਸਾਜਨ ਨੂੰ 7.5 ਕਿਲੋ ਹੈਰੋਇਨ ਅਤੇ 16 ਜਿੰਦਾ ਕਾਰਤੂਸਾਂ ਸਮੇਤ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਹੇ ਸਨ।
ਉਨ੍ਹਾਂ ਦੱਸਿਆ ਕਿ ਬਾਅਦ ‘ਚ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਥਾਣਾ ਕੋਟ ਖਾਲਸਾ ਦੇ ਇਲਾਕੇ ‘ਚੋਂ ਨਸ਼ਾ ਸਪਲਾਇਰ ਸਤਨਾਮ ਸਿੰਘ ਨੂੰ ਗਿ੍ਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ‘ਚੋਂ 500 ਗ੍ਰਾਮ ਹੈਰੋਇਨ ਅਤੇ .30 ਬੋਰ ਦੇ ਪਿਸਤੌਲ ਸਮੇਤ 10 ਜਿੰਦਾ ਕਾਰਤੂਸ ਬਰਾਮਦ ਕੀਤੇ ਅਤੇ ਉਸ ਦੀ ਸਵਿਫ਼ਟ ਕਾਰ ਨੂੰ ਜ਼ਬਤ ਕਰ ਲਿਆ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਇਹ ਮੁਲਜ਼ਮ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਆਈ ਹੈਰੋਇਨ ਨੂੰ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਨੇ ਸਰਹੱਦ ਪਾਰ ਤੋਂ ਇਹ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰਬਰ 34 ਮਿਤੀ 10-06-2024 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।