10 ਜੁਲਾਈ 2024-ਕਿਸਾਨ ਅੰਦੋਲਨ ‘ਚ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ੁਭਕਰਨ ਦੀ ਮੌਤ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸੁਣਵਾਈ ਦੌਰਾਨ ਵੱਡਾ ਖ਼ੁਲਾਸਾ ਹੋਏ ਹੈ। ‘FSL ਰਿਪੋਰਟ ‘ਚ ਸ਼ੁਭਕਰਨ ਸਿੰਘ ਦੀ ਮੌਤ ਦਾ ਕਾਰਨ ਸ਼ਾਟ ਗੰਨ ਦੱਸਿਆ ਗਿਆ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਹਿਣਾ ਹੈ ਕਿ ਸ਼ੁਭਕਰਨ ਦੀ ਮੌਤ ਸ਼ਾਟ ਗੰਨ ਨਾਲ ਹੋਈ ਹੈ। ਹਾਈ ਕੋਰਟ ਨੇ ਇਹ ਵੀ ਕਿਹਾ ਕਿ ਨਾ ਤਾਂ ਪੁਲਿਸ ਸ਼ਾਟ ਗੰਨ ਵਰਤਦੀ ਹੈ ਅਤੇ ਨਾ ਹੀ ਸੁਰੱਖਿਆ ਕਰਮੀ ਸ਼ਾਟ ਗੰਨ ਦੀ ਵਰਤੋਂ ਕਰਦੇ ਹਨ। ਲੱਗਦਾ ਹੈ ਕਿ ਗੋਲੀ ਕਿਸਾਨਾਂ ਵੱਲੋਂ ਚੱਲੀ ਹੈ। ‘
ਇਸ ਤੋਂ ਇਲਾਵਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਹਰਿਆਣਾ ਸਰਕਾਰ ਨੂੰ ਦਿੱਤੇ ਹਨ। ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਸਰਕਾਰ ਇੱਕ ਹਫ਼ਤੇ ਦੇ ਅੰਦਰ ਸੜਕ ਖਾਲੀ ਕਰੇ। ਉਥੋਂ ਬੈਰੀਕੇਡ ਹਟਾਏ। ਹਾਈ ਕੋਰਟ ਨੇ ਕਿਹਾ ਕਿ ਸ਼ੰਭੂ ਸਰਹੱਦ ‘ਤੇ ਸਥਿਤੀ ਸ਼ਾਂਤੀਪੂਰਨ ਹੈ। ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਨਾਲ ਹਨ। ਇਸ ਲਈ ਉਨ੍ਹਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਜਾਵੇ।
ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਕਿਹਾ ਕਿ ਜੇਕਰ ਉਹ ਸ਼ੰਭੂ ਬਾਰਡਰ ਤੋਂ ਬੈਰੀਕੇਡ ਹਟਾਉਂਦੇ ਹਨ ਤਾਂ ਫ਼ਿਰ ਕਿਸਾਨ ਅੰਬਾਲਾ ਵਿੱਚ ਦਾਖ਼ਲ ਹੋ ਕੇ ਐਸਪੀ ਦਫ਼ਤਰ ਦਾ ਘਿਰਾਓ ਕਰਨਗੇ। ਇਸ ‘ਤੇ ਹਾਈਕੋਰਟ ਨੇ ਕਿਹਾ ਕਿ ਵਰਦੀ ਵਾਲਿਆਂ ਨੂੰ ਘਬਰਾਉਣਾ ਨਹੀਂ ਚਾਹੀਦਾ। ਲੋਕਤੰਤਰ ਵਿੱਚ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖ਼ਲ ਹੋਣ ਜਾਂ ਘਿਰਾਓ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ।
ਦੱਸ ਦੇਈਏ ਕਿ ਸ਼ੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨ ਦਿੱਲੀ ਕੂਚ ਕਰਨਾ ਚਾਹੁੰਦੇ ਸਨ। ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਸੀ। ਸ਼ੰਭੂ ਬਾਰਡਰ ਬੰਦ ਹੋਣ ਕਾਰਨ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ। ਅੰਬਾਲਾ ਦੇ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ ਸੀ।