ਬਠਿੰਡਾ, 10 ਜੁਲਾਈ (ਵੀਰਪਾਲ ਕੌਰ)- ਮਨਰੇਗਾ ਮਜ਼ਦੂਰਾਂ ਨੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਬਠਿੰਡਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਨਾਂ ਅਕਾਲੀ ਦਲ ਦੇ ਹਲਕਾ ਇੰਚਾਰਜ ਬਠਿੰਡਾ ਸ਼ਹਿਰੀ ਇਕਬਾਲ ਸਿੰਘ ਬਬਲੀ ਢਿੱਲੋਂ ਨੂੰ ਮੰਗ ਪੱਤਰ ਸੌਂਪਿਆ। ਮਨਰੇਗਾ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਨੇੜੇ ਧਰਨਾ ਦਿੱਤਾ, ਜਿੱਥੇ ਬਬਲੀ ਢਿੱਲੋਂ ਨੇ ਖੁਦ ਪਹੁੰਚ ਕੇ ਮਨਰੇਗਾ ਮਜ਼ਦੂਰਾਂ ਤੋਂ ਮੰਗ ਪੱਤਰ ਲਿਆ। ਮੰਗ ਪੱਤਰ ਸੌਂਪਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਕਰਵਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਦਾ ਨਿਪਟਾਰਾ ਜ਼ਰੂਰ ਕਰਵਾਉਣਗੇ।
ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਮਨਰੇਗਾ ਮਜ਼ਦੂਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦਾ ਮੰਗ ਪੱਤਰ ਬੀਬਾ ਹਰਸਿਮਰਤ ਕੌਰ ਬਾਦਲ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਲੋਕ ਸਭਾ ਸੈਸ਼ਨ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ, ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਆਵਾਜ਼ ਬੁਲੰਦ ਕਰਦਿਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੂਰਾ ਯਤਨ ਕਰਨਗੇ।
ਮਨਰੇਗਾ ਮਜ਼ਦੂਰਾਂ ਨੇ ਮਨਰੇਗਾ ਸਕੀਮ ਤਹਿਤ ਸਾਰਾ ਸਾਲ ਰੁਜ਼ਗਾਰ ਦੇਣ ਦੇ ਨਾਲ-ਨਾਲ ਦਿਹਾੜੀ 700 ਰੁਪਏ ਤੈਅ ਕਰਨ , ਬੇਘਰ ਮਜ਼ਦੂਰਾਂ ਨੂੰ ਮਕਾਨ ਦੇਣ ,ਕਰਜ਼ਾ ਮੁਆਫ਼ੀ ਅਤੇ ਸਸਤੀਆਂ ਦਰਾਂ ’ਤੇ ਰਾਸ਼ਨ ਸਮੱਗਰੀ ਮੁਹੱਈਆ ਕਰਵਾਉਣ ਵਰਗੀਆਂ ਅਹਿਮ ਮੰਗਾਂ ਰੱਖੀਆਂ ਗਈਆਂ ਹਨ। ਅਕਾਲੀ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਲੋਕ ਸਭਾ ਵਿੱਚ ਮਨਰੇਗਾ ਮਜ਼ਦੂਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਕੇ ਮਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਇਆ ਜਾਵੇਗਾ। ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ ਦੇ ਨਾਲ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਬੱਲੀ, ਗੁਰਪ੍ਰੀਤ ਸੰਧੂ ਅਤੇ ਸੁਮਿਤ ਬਿੰਟਾ ਵੀ ਹਾਜ਼ਰ ਸਨ।