ਅੰਮ੍ਰਿਤਸਰ, 16 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜ ਸਿੰਘ ਸਾਹਿਬਾਨ ਦੇ ਆਦੇਸ਼ਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣਗੇ। ਨਿਮਰਤਾ ਸਹਿਤ ਸਰਵ ਉੱਚ ਅਸਥਾਨ ‘ਤੇ ਨਤਮਸਤਕ ਹੋਵਾਂਗਾ। ਮੇਰਾ ਰੋਮ-ਰੋਮ ਨਿਮਾਣੇ ਸਿੱਖ ਵਜੋਂ ਕੌਮ ਨੂੰ ਸਮਰਪਿਤ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੀਤੇ ਦਿਨ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਸੁਣਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਲੱਗੇ ਦੋਸ਼ਾਂ ਸਬੰਧੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਸੀ। ਇਸ ਆਦੇਸ਼ ‘ਚ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ‘ਚ ਦੇਣ ਲਈ ਕਿਹਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।