ਮਾਲੇਰਕੋਟਲਾ 06 ਅਗਸਤ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਮਨਾਏ ਗਏ 73ਵੇਂ ਰਾਜ ਪੱਧਰੀ ਵਣ ਮਹਾਂਉਤਸਵ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਫੁੱਲਦਾਰ, ਫਲਦਾਰ, ਛਾਂਦਾਰ ,ਸਜਾਵਟੀ ਬੂਟੇ ਲਗਾਕੇ ਮਨਾਇਆ ਗਿਆ
ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ,ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਵਲੋਂ ਫੱਲਦਾਰ ਬੂਟੇ ਲਗਾਏ ਗਏ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ,ਐਸ.ਡੀ.ਐਮ.ਮਾਲੇਰਕੋਟਲਾ ਅਪਰਨਾ ਐਮ.ਬੀ.,ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ, ਵਿਧਾਇਕ ਮਾਲੇਰਕੋਟਲਾ ਦੀ ਪਤਨੀ ਬੀਬੀ ਫਰਿਆਲ ਰਹਿਮਾਨ, ਗੁਰਮੁੱਖ ਸਿੰਘ, ਯਾਸਰ ਅਲੀ,ਅਬਦੁੱਲ ਹਲੀਮ ਤੋਂ ਇਲਾਵਾ ਸਮਾਜ ਸੇਵੀ ਅਤੇ ਵਾਤਾਵਰਣ ਪ੍ਰੇਮੀ ਸ਼ੋਕਤ ਅਲੀ ਵੀ ਮੌਜੂਦ ਸਨ ।
ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਰੱਖਣ ਦੇ ਮੰਤਵ ਨਾਲ ਸਰਦਾਰ ਭਗੰਵਤ ਸਿੰਘ ਮਾਨ ਦੀ ਅਗਵਾਈ ਵਿੱਚ ਆਰੰਭੀ ਮੁਹਿੰਮ ਗ੍ਰੀਨ ਪੰਜਾਬ ਮਿਸ਼ਨ ਤਹਿਤ ਸੂਬੇ ਭਰ ਵਿੱਚ ਰੁੱਖ ਲਗਾਏ ਜਾ ਰਹੇ ਤਾਂ ਜੋ ਹਰਿਆਲੀ ਨੂੰ ਬਰਕਾਰ ਰੱਖਦੇ ਹੋਏ ਜਲਵਾਯੂ ਪਰਿਵਰਤਨ ਨਾਲ ਨਜਿੱਠਿਆ ਜਾ ਸਕੇ । ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਦਾ ਮੁੱਖ ਕਾਰਨ ਮੁਨੱਖਾਂ ਵਲੋਂ ਤੇਜੀ ਨਾਲ ਕੀਤੀ ਜਾ ਰਹੀ ਕਟਾਈ ਹੈ ।
ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋ ਅਸੀਂ ਆਪਣੇ ਗੁਰੂਆਂ ਪੀਰਾਂ ਦੀਆਂ ਸਿੱਖਿਆਵਾਂ ਉੱਤੇ ਚੱਲਦੇ ਹੋਏ ਸੂਬੇ ਦੇ ਵਾਤਾਵਰਣ ਨੂੰ ਬਚਾਉਣ ਲਈ ਆਪਣੀ ਨੈਤਿਕ, ਸਮਾਜਿਕ ਜਿੰਮੇਵਾਰੀ ਸਮਝਕੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਤਬਦੀਲ ਕਰੀਏ।ਉਨ੍ਹਾਂ ਜ਼ਿਲ੍ਹੇ ਦੀ ਆਵਾਮ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੂਟੇ ਲਗਾਕੇ ਵਾਤਾਵਰਣ ਨੂੰ ਭਵਿੱਖ ਲਈ ਸੁਰੱਖਿਅਤ ਕਰਨ ਲਈ ਅਹਿਮ ਰੋਲ ਅਦਾ ਕਰਨ