ਚੰਡੀਗੜ੍ਹ, 24 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਕੈਬਨਿਟ ਵਿੱਚ ਸ਼ਾਮਲ ਹੋਏ ਨਵੇਂ ਮੰਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰਨ ਤਾਂ ਕਿ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪੁੱਜਣਾ ਯਕੀਨੀ ਬਣੇ।
ਆਪਣੀ ਅਧਿਕਾਰਕ ਰਿਹਾਇਸ਼ ਉਤੇ ਕੈਬਨਿਟ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਵੱਡਾ ਫਤਵਾ ਦੇ ਕੇ ਵੱਡੀ ਜ਼ਿੰਮੇਵਾਰੀ ਸਾਡੇ ਸਾਰਿਆਂ ਦੇ ਮੋਢਿਆਂ ਉਤੇ ਪਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਰੇਕ ਮੰਤਰੀ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਾ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਕੈਬਨਿਟ ਵਿੱਚ ਨੌਜਵਾਨ ਚਿਹਰੇ ਸ਼ਾਮਲ ਹੋਏ ਹਨ ਅਤੇ ਇਹ ਨਵੇਂ ਮੰਤਰੀ ਆਪਣੀ ਮਿਹਨਤ ਨਾਲ ਸੂਬੇ ਨੂੰ ਸਿਖ਼ਰ ਉਤੇ ਪਹੁੰਚਾਉਣਗੇ। ਉਨ੍ਹਾਂ ਮੰਤਰੀਆਂ ਨੂੰ ਕਿਹਾ ਕਿ ਉਹ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਤਾਂ ਕਿ ਜਨਤਕ ਮਹੱਤਵ ਵਾਲੇ ਮਸਲੇ ਛੇਤੀ ਹੱਲ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਵਿਕਾਸਮੁਖੀ ਤੇ ਲੋਕ-ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਮੰਤਰੀ ਇਨ੍ਹਾਂ ਸਕੀਮਾਂ ਨੂੰ ਬਾਰੀਕਬੀਨੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ।
ਨਵੇਂ ਮੰਤਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਸੂਬੇ ਦੇ ਲੋਕਾਂ ਦੀ ਪੂਰੇ ਉਤਸ਼ਾਹ ਤੇ ਸਮਰਪਣ ਨਾਲ ਸੇਵਾ ਕਰਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਵਾਲਾ ਸੂਬਾ ਬਣਾਉਣ ਲਈ ਨਵੇਂ ਮੰਤਰੀ ਪੂਰੀ ਲਗਨ ਨਾਲ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਨਵੇਂ ਮੰਤਰੀ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪੂਰੀ ਤੇਜ਼ੀ ਨਾਲ ਤੇ ਸਹੀ ਦਿਸ਼ਾ ਵਿੱਚ ਲਾਗੂ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨਗੇ।