ਚੰਡੀਗੜ੍ਹ 22 ਅਕਤੂਬਰ -ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸੌਦਾ ਸਾਧ ‘ਤੇ ਤਿੰਨ ਮਾਮਲਿਆਂ ‘ਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਧਾਰਾ 295ਏ ਤਹਿਤ ਮੁਕੱਦਮਾ ਚਲਾਉਣ ਲਈ ਸਰਕਾਰ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਸੀ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਸੌਦਾ ਸਾਧ ਨੂੰ ਪੰਜਾਬ ਲਿਆਉਣ ਦਾ ਰਸਤਾ ਸਾਫ਼ ਹੋ ਗਿਆ ਹੈ।
ਸੌਦਾ ਸਾਧ ‘ਤੇ ਜੁਲਾਈ 2015 ‘ਚ ਬੁਰਜ ਜਵਾਹਰ ਸਿੰਘ ਵਾਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ, ਕੁਝ ਦਿਨਾਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਗਲੀਆਂ ‘ਚ ਸੁੱਟਣ ਅਤੇ ਅਕਤੂਬਰ 2015 ‘ਚ ਬਹਿਬਲ ਕਲਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ, ਬਰਗਾੜੀ ‘ਚ ਪ੍ਰਦਰਸ਼ਨਕਾਰੀਆਂ ਉੱਤੇ ਗੋਲੀ ਚਲਾਉਣ ਦੇ ਮੁਕੱਦਮੇ ਚੱਲਣਗੇ।
ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ। ਮਾਨ ਨੇ ਇਹ ਫੈਸਲਾ ਉਸ ਸਮੇਂ ਲਿਆ ਹੈ ਜਦੋਂ ਤਿੰਨ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਸੌਦਾ ਸਾਧ ਖ਼ਿਲਾਫ਼ ਕੇਸ ਚਲਾਉਣ ਦੀ ਇਜਾਜ਼ਤ ਦਿੱਤੀ ਸੀ। ਕਰੀਬ ਢਾਈ ਸਾਲ ਪਹਿਲਾਂ ਪੁਲਿਸ ਨੇ ਸੌਦਾ ਸਾਧ ਖ਼ਿਲਾਫ਼ ਕੇਸ ਦਰਜ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਹਾਈ ਕੋਰਟ ਨੇ ਤਿੰਨੋਂ ਕੇਸਾਂ ’ਤੇ ਰੋਕ ਲਾ ਦਿੱਤੀ ਸੀ।