
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੂੰ ਵੀ ਆਖਿਆ ਕਿ ਉਹ ਆਰ ਪੀ ਸਿੰਘ ਦੇ ਖਿਲਾਫ ਸਖ਼ਤ ਕਾਰਵਾਈ ਕਰ ਅਤੇ ਸਿੱਖ ਕੌਮ ਤੋਂ ਤੁਰੰਤ ਮੁਆਫੀ ਮੰਗਣ।
ਡਾ. ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਭਾਜਪਾ ਦੇ ਕੌਮੀ ਬੁਲਾਰੇ ਨੇ ਜਾਣ ਬੁੱਝ ਕੇ ਭੜਕਾਊ ਬਿਆਨ ਦਿੱਤਾ ਹੈ ਜਿਸਦਾ ਇਕਲੌਤਾ ਮਕਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨਾ ਹੈ ਜੋ ਕਿ ਬਹੁਤ ਵੱਡੀ ਘਾਲਣਾ ਤੋਂ ਬਾਅਦ ਹੋਂਦ ਵਿਚ ਆਈ ਹੈ ਤੇ ਇਸ ਵਾਸਤੇ ਅੰਗਰੇਜ਼ ਸਰਕਾਰ ਦੇ ਖਿਲਾਫ ਵੱਡਾ ਸੰਘਰਸ਼ ਵੀ ਕਰਨਾ ਪਿਆ ਸੀ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਭਾਜਪਾ ਆਗੂ ਜਾਣ ਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਵਾਸਤੇ ਅਜਿਹੇ ਬਿਆਨ ਉਸ ਵੇਲੇ ਦੇ ਰਹੇ ਹਨ ਜਦੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਿਰ ’ਤੇ ਹਨ ਤੇ 28 ਅਕਤੂਬਰ ਨੂੰ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋਣੀਆਂ ਹਨ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਬਿਆਨ ਧਾਰਮਿਕ ਘੱਟ ਗਿਣਤੀਆਂ ਨੂੰ ਗਲਤ ਸੰਦੇਸ਼ ਦੇਣ ਲਈ ਜਾਰੀ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੇ ਸ਼ਾਂਤੀਪੂਰਨ ਤੇ ਫਿਰਕੂ ਸਦਭਾਵਨਾ ਵਾਲੇ ਮਾਹੌਲ ਨੂੰ ਖਰਾਬ ਕਰਨ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿ ਕਾਨੂੰਨ ਮੁਤਾਬਕ ਭਾਜਪਾ ਆਗੂ ਦੇ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਸਪਸ਼ਟ ਸੰਦੇਸ਼ ਜਾਵੇ ਕਿ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ’ਤੇ ਹਮਲੇ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ।