ਚੰਡੀਗੜ੍ਹ, 6 ਨਵੰਬਰ : ਨਗਰ ਨਿਗਮਾਂ ਅਤੇ ਕੌਂਸਲਾਂ ਦੀਆਂ ਚੋਣਾਂ ਦਾ ਨੋਟੀਫਿਕੇਸ਼ਨ 15 ਦਿਨਾਂ ਅੰਦਰ ਜਾਰੀ ਕਰਨ ਦੇ 14 ਅਕਤੂਬਰ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ ਹਾਈਕੋਰਟ ਨੇ ਮੁੱਖ ਸਕੱਤਰ ਅਤੇ ਰਾਜ ਚੋਣ ਕਮਿਸ਼ਨਰ ਵਿਰੁੱਧ ਮਾਣਹਾਨੀ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਅਗਲੀ ਸੁਣਵਾਈ ਤੱਕ 10 ਦਿਨਾਂ ਦੇ ਅੰਦਰ ਹੁਕਮਾਂ ‘ਤੇ ਕਾਰਵਾਈ ਨਾ ਕੀਤੀ ਗਈ ਤਾਂ ਦੋਸ਼ੀ ‘ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।
ਇਸ ਮਾਮਲੇ ਵਿਚ ਮਾਲੇਰਕੋਟਲਾ ਨਿਵਾਸੀ ਬੇਅੰਤ ਨੇ ਦਾਇਰ ਜਨਹਿੱਤ ਪਟੀਸ਼ਨ ਵਿਚ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖ਼ਤਮ ਹੋ ਚੁੱਕੀਆਂ, ਕਈਆਂ ਦਾ ਕਾਰਜਕਾਲ ਖਤਮ ਹੋਏ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਜਿਸ ਕਾਰਨ ਇੱਥੇ ਸਾਰੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ।
ਪਟੀਸ਼ਨ ਮੁਤਾਬਕ ਰਾਜ ਦੀਆਂ ਜ਼ਿਆਦਾਤਰ ਨਗਰ ਕੌਂਸਲਾਂ ਦਾ ਕਾਰਜਕਾਲ ਦਸੰਬਰ 2022 ਵਿੱਚ ਖਤਮ ਹੋ ਗਿਆ ਹੈ, ਪਰ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਅਦਾਲਤ ਨੂੰ ਦੱਸਿਆ ਗਿਆ ਕਿ 1 ਅਗਸਤ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜੋ ਕਿ 1 ਨਵੰਬਰ 2023 ਨੂੰ ਹੋਣੀਆਂ ਸਨ ਪਰ ਅੱਜ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ।
ਪਟੀਸ਼ਨ ਅਨੁਸਾਰ ਉਨ੍ਹਾਂ ਨੇ ਸਰਕਾਰ ਨੂੰ ਚੋਣਾਂ ਕਰਵਾਉਣ ਲਈ 5 ਜੁਲਾਈ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਮਿਲਿਆ, ਜਿਸ ਕਰਕੇ ਹੁਣ ਉਹ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਹਦਾਇਤਾਂ ਦੀ ਮੰਗ ਕਰਨ ਲਈ ਮਜ਼ਬੂਰ ਹਨ ।
ਸਰਕਾਰ ਨੂੰ ਚੋਣਾਂ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਸੰਵਿਧਾਨ ਮੁਤਾਬਕ ਨਗਰ ਕੌਂਸਲ ਚੋਣਾਂ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਕਰਵਾਉਣਾ ਜ਼ਰੂਰੀ ਹੈ ਪਰ ਸਰਕਾਰ ਨੇ ਅਜੇ ਤੱਕ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ।
ਇੱਕ ਹੋਰ ਪਟੀਸ਼ਨ ਵਿੱਚ ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਸਰਕਾਰ ਨੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਨਹੀਂ ਕਰਵਾਈਆਂ। ਪਿਛਲੇ ਮਹੀਨੇ ਹਾਈਕੋਰਟ ਨੇ ਆਪਣਾ ਫੈਸਲਾ ਦਿੰਦੇ ਹੋਏ 15 ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦਾ ਹੁਕਮ ਦਿੱਤਾ ਸੀ। ਪਰ 29 ਅਕਤੂਬਰ ਦੀ ਸਮਾਂ ਸੀਮਾ ਪੂਰੀ ਹੋਣ ਤੋਂ ਬਾਅਦ ਵੀ ਸਰਕਾਰ ਵੱਲੋਂ ਪੰਜ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਲਈ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਪਟੀਸ਼ਨਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ।