ਨਵੀਂ ਦਿੱਲੀ, 11 ਨਵੰਬਰ- ਸੁਪਰੀਮ ਕੋਰਟ ਨੇ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਅਤੇ ਪਟਾਕਿਆਂ ’ਤੇ ਰੋਕ ਨਾਲ ਜੁੜੇ ਮਾਮਲੇ ਦੀ ਅੱਜ ਸੁਣਵਾਈ ਕੀਤੀ। ਕੋਰਟ ਨੇ ਪਟਾਕਿਆਂ ’ਤੇ ਪਾਬੰਦੀ ਲਗਾਉਣ ਦੇ ਹੁਕਮਾਂ ਨੂੰ ਗੰਭੀਰਤਾ ਨਾਲ ਨਾ ਲੈਣ ’ਤੇ ਦਿੱਲੀ ਪੁਲਿਸ ਨੂੰ ਸਖ਼ਤ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪਟਾਕਿਆਂ ’ਤੇ ਪਾਬੰਦੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੀ ਗਈ ਤੇ ਜੋ ਕੁਝ ਵੀ ਕੀਤਾ ਗਿਆ ਹੈ, ਉਹ ਮਹਿਜ਼ ਦਿਖਾਵੇ ਲਈ ਸੀ, ਸਿਰਫ਼ ਕੱਚਾ ਮਾਲ ਹੀ ਜ਼ਬਤ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਹੁਕਮਾਂ ਦੀ ਪੂਰੀ ਪਾਲਣਾ ਲਈ ਵਿਸ਼ੇਸ਼ ਸੈੱਲ ਦਾ ਗਠਨ ਕਰੇ।
ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਪਟਾਕਿਆਂ ’ਤੇ ਪਾਬੰਦੀ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਸਾਰੇ ਸੰਬੰਧਿਤ ਲੋਕਾਂ ਨੂੰ ਸੂਚਿਤ ਕਰਨ ਲਈ ਤੁਰੰਤ ਕਾਰਵਾਈ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਵੀ ਲਾਇਸੰਸ ਧਾਰਕ ਪਟਾਕੇ ਨਾ ਵੇਚੇ ਅਤੇ ਨਾ ਹੀ ਬਣਾਏ। ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਕੋਈ ਵੀ ਧਰਮ ਪ੍ਰਦੂਸ਼ਣ ਪੈਦਾ ਕਰਨ ਵਾਲੀ ਕਿਸੇ ਵੀ ਗਤੀਵਿਧੀ ਨੂੰ ਉਤਸ਼ਾਹਿਤ ਨਹੀਂ ਕਰਦਾ ਹੈ ਅਤੇ ਜੇਕਰ ਇਸ ਤਰ੍ਹਾਂ ਪਟਾਕੇ ਚਲਾਏ ਜਾਂਦੇ ਹਨ ਤਾਂ ਇਸ ਨਾਲ ਨਾਗਰਿਕਾਂ ਦੇ ਸਿਹਤ ਦੇ ਮੌਲਿਕ ਅਧਿਕਾਰ ’ਤੇ ਵੀ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਅਨੁਛੇਦ 21 ਤਹਿਤ ਸਾਨੂੰ ਪ੍ਰਦੂਸ਼ਣ ਮੁਕਤ ਵਾਤਾਵਰਨ ਵਿਚ ਰਹਿਣ ਦਾ ਅਧਿਕਾਰ ਹੈ। ਇਸ ਦੇ ਨਾਲ ਹੀ ਦਿੱਲੀ ਸਰਕਾਰ ਨੂੰ 25 ਨਵੰਬਰ ਤੋਂ ਪਹਿਲਾਂ ਪਟਾਕਿਆਂ ’ਤੇ ਸਥਾਈ ਪਾਬੰਦੀ ਬਾਰੇ ਸੰਬੰਧਿਤ ਧਿਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਫ਼ੈਸਲਾ ਕਰਨ ਦੇ ਨਿਰਦੇਸ਼ ਦਿੱਤੇ ਹਨ।