ਚੰਡੀਗੜ੍ਹ, 1 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੱਸਣ ਕਿ ਉਹ ਮਾਲੇਰਕੋਟਲਾ ਵਿਚ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਵਿਚ ਦਿੱਲੀ ਦੇ ਆਪ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਠਹਿਰਾਉਣ ਦੇ ਮਾਮਲੇ ਨੂੰ ਵਾਪਸ ਕਿਉਂ ਲੈਣਾ ਚਾਹੁੰਦੇ ਸਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਇਸ ਕੇਸ ਨੂੰ ਵਾਪਸ ਲੈਣਾ ਚਾਹੁੰਦੀ ਸੀ ਜਿਸਦਾ ਜ਼ਿਕਰ ਨਿਆਂਪਾਲਿਕਾ ਨੇ ਆਪਣੇ ਫੈਸਲੇ ਵਿਚ ਵੀ ਕੀਤਾ ਹੈ। ਉਹਨਾਂ ਕਿਹਾ ਕਿ ਹੁਣ ਇਹ ਗੱਲ ਲੋਕਾਂ ਸਾਹਮਣੇ ਹੈ ਕਿ ਆਮ ਆਦਮੀ ਪਾਰਟੀ ਹੀ ਸੂਬੇ ਵਿਚ ਵਾਪਰੇ ਬੇਅਦਬੀ ਦੇ ਕੇਸਾਂ ਵਿਚ ਸ਼ਾਮਲ ਸੀ। ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਸਪਸ਼ਟ ਹੋ ਗਿਆ ਹੈ ਕਿ ਆਪ ਸਰਕਾਰ ਦਾ ਲੋਕਾਂ ਦੀ ਭਲਾਈ ਨਾਲ ਕੋਈ ਸਰੋਕਾਰ ਨਹੀਂ ਹੈ ਤੇ ਇਹ ਸਿਰਫ ਧਰਮ ਦੇ ਆਧਾਰ ਦੇ ਲੋਕਾਂ ਨੂੰ ਲੜਵਾ ਕੇ ਵੋਟਾਂ ਹਾਸਲ ਕਰਨਾ ਚਾਹੁੰਦੀ ਹੈ।