ਨਵੀਂ ਦਿੱਲੀ 25 ਦਸੰਬਰ : ਦਿੱਲੀ ਸਰਕਾਰ ਦੇ ਦੋ ਵਿਭਾਗਾਂ ਨੇ ਆਮ ਆਦਮੀ ਪਾਰਟੀ ਦੀ ਮਹਿਲਾ ਸਨਮਾਨ ਯੋਜਨਾ ਤੇ ਸੰਜੀਵਨੀ ਯੋਜਨਾ ‘ਤੇ ਸਵਾਲ ਖੜ੍ਹੇ ਕੀਤੇ ਹਨ। ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ‘ਮਹਿਲਾ ਸਨਮਾਨ ਯੋਜਨਾ’ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ‘ਸੰਜੀਵਨੀ ਯੋਜਨਾ’ ਲਈ ਸ਼ੁਰੂ ਕੀਤੀਆਂ ਗਈਆਂ ਰਜਿਸਟ੍ਰੇਸ਼ਨਾਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਲੋਕਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਕਿਸੇ ਦੇ ਜਾਲ ਵਿੱਚ ਨਾ ਫਸਣ ਅਤੇ ਨਿੱਜੀ ਜਾਣਕਾਰੀ ਸਾਂਝੀ ਕਰਨ ਤੋਂ ਬਚਣ।
ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਿਨਾਂ ਨਾਮ ਲਏ ਭਾਜਪਾ ਅਤੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ‘ਚ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
‘AAP’ ਕਨਵੀਨਰ ਨੇ ਐਕਸ ‘ਤੇ ਪੋਸਟ ਕੀਤਾ ਅਤੇ ਲਿਖਿਆ, ”ਇਹ ਲੋਕ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਤੋਂ ਬੁਰੀ ਤਰ੍ਹਾਂ ਪਰੇਸ਼ਾਨ ਹਨ। ਅਗਲੇ ਕੁਝ ਦਿਨਾਂ ‘ਚ ਫਰਜ਼ੀ ਕੇਸ ਬਣਾ ਕੇ ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਬਣਾਈ ਹੈ। ਇਸ ਤੋਂ ਪਹਿਲਾਂ ‘ਆਪ’ ਦੇ ਸੀਨੀਅਰ ਆਗੂਆਂ ‘ਤੇ ਛਾਪੇਮਾਰੀ ਕੀਤੀ ਜਾਵੇਗੀ। ਮੈਂ ਅੱਜ 12 ਵਜੇ ਇਸ ਬਾਰੇ ਪ੍ਰੈਸ ਕਾਨਫਰੰਸ ਕਰਾਂਗਾ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਤੋਂ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਤੇ ਸੰਜੀਵਨੀ ਯੋਜਨਾ ਤਹਿਤ ਦਿੱਲੀ ਦੇ ਹਸਪਤਾਲਾਂ ਵਿੱਚ ਬਜ਼ੁਰਗਾਂ ਦਾ ਮੁਫ਼ਤ ਇਲਾਜ ਕਰਵਾਉਣ ਦਾ ਵਾਅਦਾ ਕੀਤਾ ਹੈ।