ਨਵੀਂ ਦਿੱਲੀ, 2 ਜਨਵਰੀ- 26 ਨਵੰਬਰ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਹਸਪਤਾਲ ’ਚ ਭਰਤੀ ਕਰਨ ਲਈ ਪੰਜਾਬ ਸਰਕਾਰ ਨੂੰ ਨਿਰਦੇਸ਼ ਦੇਣ ਵਾਲੇ ਆਪਣੇ 20 ਦਸੰਬਰ ਦੇ ਹੁਕਮਾਂ ਦੀ ਪਾਲਣਾ ਲਈ ਸੁਪਰੀਮ ਕੋਰਟ ਨੇ 6 ਜਨਵਰੀ ਦੀ ਤਰੀਕ ਰੱਖੀ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਸੋਮਵਾਰ ਤੱਕ ਪਾਲਣਾ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਡੱਲੇਵਾਲ ਨੂੰ ਕਿਉਂ ਨਹੀਂ ਸਮਝਾ ਪਾ ਰਹੀ ਕਿ ਹਸਪਤਾਲ ’ਚ ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ। ਅੱਜ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕੁਝ ਕਿਸਾਨ ਆਗੂਆਂ ਦੇ ਬਿਆਨ ਗ਼ੈਰ ਜ਼ਿੰਮੇਦਾਰਾਨਾ ਹਨ ਤੇ ਸਾਨੂੰ ਅਜਿਹੇ ਆਗੂਆਂ ਦੇ ਇਰਾਦਿਆਂ ਬਾਰੇ ਪਤਾ ਹੈ।
ਇਹ ਵੀ ਪੜੋ-ਤੇਜ ਰਫਤਾਰ BMW ਤੇ ਕਰੇਟਾ ਕਾਰਾਂ ਦੀ ਆਪਸ ’ਚ ਟੱਕਰ,ਗੱਡੀ ਛੱਡ ਕੇ ਫ਼ਰਾਰ ਹੋਏ 5 ਜਣੇ
ਓਧਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਬੁੱਧਵਾਰ ਨੂੰ 37ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਸਿਹਤ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਦੀ ਸਿਹਤ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਸੁਪਰੀਮ ਕੋਰਟ ਨੇ ਪੰਜਾਬ ਦੇ ਡੀਜੀਪੀ ਤੇ ਮੁੱਖ ਸਕੱਤਰ ਨੂੰ ਉਨ੍ਹਾਂ ਨੂੰ ਫ਼ੌਰੀ ਮੈਡੀਕਲ ਸਹੂਲਤ ਮੁਹਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਬਾਰੇ ਮੁੱਖ ਸਕੱਤਰ ਤੇ ਡੀਜੀਪੀ ਨਾਲ ਲਗਾਤਾਰ ਦੋ ਦਿਨ ਬੈਠਕਾਂ ਕੀਤੀਆਂ ਹਨ। ਪਰ ਸਰਕਾਰ ਵੱਲੋਂ ਕੋਈ ਹੱਲ ਨਿਕਲਦਾ ਨਹੀਂ ਦਿਸ ਰਿਹਾ। ਹਾਲਾਂਕਿ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸੁਪਰੀਮ ਕੋਰਟ ਦੀ ਮਾਣਹਾਨੀ ਤੋਂ ਬਚਣ ਲਈ ਸਰਕਾਰ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਉਣ ਲਈ ਮਜਬੂਰ ਕਰ ਸਕਦੀ ਹੈ।