ਇੰਦੌਰ : ਇੰਦੌਰ ਨੂੰ ਭਿਖਾਰੀ ਤੋਂ ਮੁਕਤ ਕਰਨ ਦੀ ਕੋਸ਼ਿਸ਼ ਕਰ ਰਹੇ ਪ੍ਰਸ਼ਾਸਨ ਨੇ ਹੁਣ ਭੀਖ ਦੇਣ ਅਤੇ ਭਿਖਾਰੀਆਂ ਤੋਂ ਕੋਈ ਵੀ ਸਾਮਾਨ ਖ਼ਰੀਦਣ ‘ਤੇ ਕਾਨੂੰਨੀ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ ਪਾਬੰਦੀ ਦੀ ਉਲੰਘਣਾ ਕਰਨ ‘ਤੇ ਕਾਰਵਾਈ ਕਰਨ ਦਾ ਪ੍ਰਬੰਧ ਕੀਤਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਅਸ਼ੀਸ਼ ਸਿੰਘ ਨੇ ਭਾਰਤੀ ਸਿਵਲ ਸੁਰੱਖਿਆ ਕੋਡ 2023 ਦੀ ਧਾਰਾ 163 ਤਹਿਤ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਭੀਖ ਮੰਗਣ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਭਿਖਾਰੀਆਂ ਨੂੰ ਦਾਨ ਵਜੋਂ ਕੁਝ ਵੀ ਦੇਣਾ ਜਾਂ ਉਨ੍ਹਾਂ ਤੋਂ ਕਿਸੇ ਕਿਸਮ ਦਾ ਸਮਾਨ ਖ਼ਰੀਦਣ ਦੀ ਮਨਾਹੀ ਹੈ।
ਪਾਬੰਦੀਸ਼ੁਦਾ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਭਿਖਾਰੀਆਂ ਨੂੰ ਭੀਖ ਵਜੋਂ ਕੁਝ ਦਿੰਦਾ ਜਾਂ ਉਨ੍ਹਾਂ ਤੋਂ ਕੋਈ ਸਮਾਨ ਖ਼ਰੀਦਦਾ ਪਾਇਆ ਗਿਆ ਤਾਂ ਇਸ ਹੁਕਮ ਦੀ ਉਲੰਘਣਾ ਕਰਨ ‘ਤੇ ਉਸ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ‘ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 223 ਤਹਿਤ ਐਫਆਈਆਰ ਦਰਜ ਕੀਤੀ ਜਾਵੇਗੀ। ਇਸ ਕਾਨੂੰਨੀ ਵਿਵਸਥਾ ਤਹਿਤ ਦੋਸ਼ੀ ਨੂੰ ਇੱਕ ਸਾਲ ਤੱਕ ਦੀ ਕੈਦ ਜਾਂ 5,000 ਰੁਪਏ ਤੱਕ ਦਾ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।
ਅਧਿਕਾਰੀਆਂ ਅਨੁਸਾਰ ਪ੍ਰਸ਼ਾਸਨ ਦੇ ਪਾਬੰਦੀਸ਼ੁਦਾ ਹੁਕਮਾਂ ਵਿੱਚ ਭੀਖ ਮੰਗਣ ਬਾਰੇ ਸਹੀ ਜਾਣਕਾਰੀ ਦੇਣ ਵਾਲੇ ਨੂੰ 1000 ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।