ਮਾਲੇਰਕੋਟਲਾ 10 ਜਨਵਰੀ : ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਬਕਾਇਆ ਇੰਤਕਾਲਾਂ ਨੂੰ ਜਲਦ ਤੋਂ ਜਲਦ ਨਿਪਟਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਉਹ ਇੰਤਕਾਲਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਲਈ ਇੱਕ ਵਿਆਪਕ ਵਿਧੀ ਸਥਾਪਤ ਕਰਨ ਲਈ ਬਕਾਇਆ ਕੇਸਾਂ ਦੀ ਰੋਜ਼ਾਨਾ ਨਿਗਰਾਨੀ ਕਰਨਗੇ।ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਹਿਸੀਲਾਂ ਵਿੱਚ ਲੋਕਾਂ ਦੀਆਂ ਰੋਜ਼ਾਨਾ ਪ੍ਰਸ਼ਾਸਨਿਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਵਿਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਮੂਹ ਤਹਿਸੀਲਾਂ ਤੇ ਸਬ ਤਹਿਸੀਲਾਂ ਅੰਦਰ ਸਬੰਧਿਤ ਐਸ.ਡੀ.ਐਮਜ਼ ਆਪਸੀ ਸਮਝ ਵਾਲੇ ਕੇਸਾਂ ਵਿਚ ਇੰਤਕਾਲਾਂ ਦਾ ਸਮੇਂ ਸਿਰ ਦਰਜ਼ ਹੋਣ ਸਬੰਧੀ ਨਿੱਜੀ ਤੌਰ ’ਤੇ ਨਿਗਰਾਨੀ ਲਈ ਜ਼ਿੰਮੇਵਾਰ ਹੋਣਗੇ।ਉਨ੍ਹਾਂ ਮਾਲ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਵਿਭਾਗ ਦੇ ਅਦਾਲਤੀ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਵੀ ਹੁਕਮ ਦਿੱਤੇ।ਉਨ੍ਹਾਂ ਕਿਹਾ ਕਿ ਰਿਕਵਰੀ ਦੇ ਕੇਸਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਰਕਾਰੀ ਖਜਾਨੇ ਨੂੰ ਕੋਈ ਨੁਕਸਾਨ ਨਾ ਹੋਵੇ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਕਮ ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਤਹਿਸ਼ੀਲਦਾਰ ਸ਼ੀਸਪਾਲ ਸਿੰਗਲਾ,ਨਾਇਬ ਤਹਿਸ਼ੀਲਦਾਰ ਪਰਵੀਨ ਕੁਮਾਰ,ਨਾਇਬ ਤਹਿਸ਼ੀਲਦਾਰ ਵਿਨੋਦ ਕੁਮਾਰ,ਸਦਰ ਕਾਨੰਗੋ ਰਣਜੀਤ ਸਿੰਘ ਮੌਜੂਦ ਸਨ।