ਨਵੀਂ ਦਿੱਲੀ, 7 ਫਰਵਰੀ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦੋਸ਼ ਲਗਾਇਆ ਹੈ ਕਿ ਭਾਜਪਾ ਉਨ੍ਹਾਂ ਦੇ ਸੱਤ ਵਿਧਾਇਕਾਂ ਨੂੰ 15-15 ਕਰੋੜ ਰੁਪਏ ਵਿਚ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਬਾਅਦ ਵੀਰੇਂਦਰ ਸਚਦੇਵਾ ਨੇ ਕਿਹਾ ਕਿ ਸੰਜੇ ਸਿੰਘ ਹੋਵੇ ਜਾਂ ਕੋਈ ਹੋਰ ‘ਆਪ’ ਨੇਤਾ, ਇਨ੍ਹਾਂ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ ਤੇ ਉਨ੍ਹਾਂ ਨੂੰ ਲਗਾਏ ਗਏ ਇਨ੍ਹਾਂ ਦੋਸ਼ਾਂ ਦਾ ਜਵਾਬ ਦੇਣਾ ਪਵੇਗਾ। ਜਿਸ ਤੋਂ ਬਾਅਦ ਭਾਜਪਾ ਨੇ ਦਿੱਲੀ ਦੇ ਉਪ ਰਾਜਪਾਲ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ। ਉਪ ਰਾਜਪਾਲ ਨੇ ‘ਆਪ’ ਦੇ ਇਨ੍ਹਾਂ ਦੋਸ਼ਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਹੁਣ ਏ.ਸੀ.ਬੀ. ਇਸ ਮਾਮਲੇ ਦੀ ਜਾਂਚ ਕਰੇਗਾ। ਉਪ ਰਾਜਪਾਲ ਦੇ ਹੁਕਮ ਤੋਂ ਬਾਅਦ, ਏ.ਸੀ.ਬੀ. ਦੀ ਟੀਮ ਸੰਜੇ ਸਿੰਘ ਅਤੇ ਮੁਕੇਸ਼ ਅਲਾਵਤ ਦੇ ਘਰ ਲਈ ਰਵਾਨਾ ਹੋ ਗਈ।
ਐਲਜੀ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏ.ਸੀ.ਬੀ.) ਰਾਹੀਂ ਪੂਰੀ ਜਾਂਚ ਕਰਵਾਈ ਜਾਵੇ। ਦਿੱਲੀ ਭਾਜਪਾ ਦੇ ਜਨਰਲ ਸਕੱਤਰ ਵਿਸ਼ਨੂੰ ਮਿੱਤਲ ਨੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਪੱਤਰ ਲਿਖ ਕੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਅਤੇ ਕਿਸੇ ਹੋਰ ਜਾਂਚ ਏਜੰਸੀ ਨੂੰ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਕਿ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਵੱਲੋਂ ‘ਆਪ’ ਦੇ 7 ਮੌਜੂਦਾ ਵਿਧਾਇਕਾਂ ਨੂੰ 15 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ਾਂ ਦੇ ਸਬੰਧ ਵਿੱਚ ਮਾਮਲਾ ਦਰਜ ਕੀਤੀ ਜਾਵੇ ਅਤੇ ਜਾਂਚ ਕੀਤੀ ਜਾਵੇ।
ਦਿੱਲੀ ‘ਚ ਵਿਧਾਨ ਸਭਾ ਚੋਣਾਂ ‘ਚ ਵੋਟਿੰਗ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ‘ਆਪ’ ਦੇ 7 ਵਿਧਾਇਕਾਂ ਦੇ ਫ਼ੋਨ ਆਏ ਸਨ ਅਤੇ ਉਨ੍ਹਾਂ ਨੂੰ 15 ਕਰੋੜ ਰੁਪਏ ਦਾ ਆਫ਼ਰ ਦਿੱਤਾ ਗਿਆ ਸੀ। ‘ਆਪ’ ਆਗੂ ਨੇ ਦਾਅਵਾ ਕੀਤਾ ਕਿ ਭਾਜਪਾ ਨੇ ਦਿੱਲੀ ਵਿੱਚ ਆਪਣਾ ਅਪਰੇਸ਼ਨ ਲੋਟਸ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਨਾਂ ‘ਤੇ ਸਬੂਤ ਵੀ ਸਾਂਝੇ ਕਰਾਂਗੇ।