ਚੰਡੀਗੜ੍ਹ, 14 ਫਰਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਜਾਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀ ਤੋਂ ਪਾਰਟੀ ਜਬਰੀ ਫ਼ੰਡ ਵਸੂਲਣ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਹੈ।
ਉਨ੍ਹਾਂ ਕਿਹਾ ਕਿ ਅਖੌਤੀ ਕੱਟੜ ਇਮਾਨਦਾਰ ਪਾਰਟੀ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਫ਼ੰਡ ਇਕੱਠਾ ਕਰਨ ਦੇ ਇੱਕੋ-ਇੱਕ ਉਦੇਸ਼ ਨਾਲ ਪੈਸੇ ਵਸੂਲਣ ਲਈ ਪੰਜਾਬ ਵਿੱਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਹੈ। ਬਾਜਵਾ ਨੇ ਕਿਹਾ ਕਿ ਆਪਣੇ ਕੈਬਨਿਟ ਮੰਤਰੀਆਂ ਰਾਹੀਂ ‘ਆਪ’ ਨੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਨੂੰ ਜ਼ਬਰਦਸਤੀ ਪਾਰਟੀ ਫ਼ੰਡ ਇਕੱਠਾ ਕਰਨ ਦੀ ਧਮਕੀ ਦਿੱਤੀ ਹੈ।
ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਹਿੰਮਤ ਦੀ ਸ਼ਲਾਘਾ ਕਰਦਿਆਂ ਬਾਜਵਾ ਨੇ ਕਿਹਾ ਕਿ ਐਸੋਸੀਏਸ਼ਨ ਨੇ ਸਭ ਤੋਂ ਪਹਿਲਾਂ ਇਸ ਬੇਹੱਦ ਭ੍ਰਿਸ਼ਟ ਪ੍ਰਥਾ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਹਾਲਾਂਕਿ, ਇਹ ਧੋਖਾਧੜੀ ਨਾਲ ਪੰਜਾਬ ਸਰਕਾਰ ਦੇ ਕਈ ਹੋਰ ਵਿਭਾਗਾਂ ਤੋਂ ਪਾਰਟੀ ਫ਼ੰਡ ਇਕੱਠਾ ਕਰਨ ਦੀ ਡੂੰਘੀ ਸਾਜ਼ਿਸ਼ ਜਾਪਦੀ ਹੈ। ਅਜਿਹਾ ਲੱਗਦਾ ਹੈ ਕਿ ਇਹ ਉਦੋਂ ਤੋਂ ਚੱਲ ਰਿਹਾ ਹੈ ਜਦੋਂ ਤੋਂ ‘ਆਪ’ ਨੇ ਪੰਜਾਬ ਵਿਚ ਸੱਤਾ ਹਾਸਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਵਿਜੀਲੈਂਸ ਬਿਊਰੋ ਪਹਿਲਾਂ ਹੀ ‘ਆਪ’ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ। ਸਚਾਈ ਦਾ ਪਰਦਾਫਾਸ਼ ਕਰਨ ਦੀ ਬਜਾਏ ਵਿਜੀਲੈਂਸ ਬਿਊਰੋ ਸ਼ਾਇਦ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰੇਗਾ। ਇਸ ਲਈ ਮੈਂ ਪੁਰਜ਼ੋਰ ਮੰਗ ਕਰਦਾ ਹਾਂ ਕਿ ਇਸ ਮਾਮਲੇ ਦੀ ਜਾਂਚ ਈਡੀ ਜਾਂ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਜੇਕਰ ਸਹੀ ਢੰਗ ਨਾਲ ਜਾਂਚ ਕੀਤੀ ਜਾਵੇ ਤਾਂ ਇਹ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕੀਤਾ ਗਿਆ ਘੁਟਾਲਾ ਸਾਬਤ ਹੋਵੇਗਾ। ਇਹ ਘੁਟਾਲਾ ਕਥਿਤ ਤੌਰ ‘ਤੇ ਪੀਐਸਪੀਸੀਐਲ ਦੇ ਦੋ ਸਾਬਕਾ ਸੀਨੀਅਰ ਅਧਿਕਾਰੀਆਂ ਦੀ ਸਹਾਇਤਾ ਨਾਲ ਕੀਤਾ ਗਿਆ ਸੀ, ਜਿਨ੍ਹਾਂ ਨੂੰ ਬਿਜਲੀ ਮੰਤਰੀ ਦੇ ਨੇੜਲੇ ਆਦਮੀ ਮੰਨਿਆ ਜਾਂਦਾ ਹੈ।
ਬਾਜਵਾ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਸਰਕਾਰੀ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਕਦਮ ਚੁੱਕਣ ਦੇ ਨਿਰਦੇਸ਼ ਦੇ ਰਹੀ ਹੈ ਪਰ ਦੂਜੇ ਪਾਸੇ ਉਹ ਭ੍ਰਿਸ਼ਟਾਚਾਰ ਵਿਚ ਡੁੱਬੀ ਹੋਈ ਹੈ।ਉਨ੍ਹਾਂ ਕਿਹਾ ਕਿ ‘ਆਪ’ ਦੇ ਮਾੜੇ ਇਰਾਦੇ ਇੱਕ ਵਾਰ ਫਿਰ ਬੇਨਕਾਬ ਹੋ ਗਏ ਹਨ। ਇਸ ਦੇ ਕਈ ਦਰਜਨਾਂ ਮੰਤਰੀ ਅਤੇ ਵਿਧਾਇਕਾਂ ਦੇ ਨਾਮ ਪਹਿਲਾਂ ਵੀ ਬਹੁਤ ਭ੍ਰਿਸ਼ਟ ਅਤੇ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਸਾਹਮਣੇ ਆ ਚੁੱਕੇ ਹਨ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।