ਲੁਧਿਆਣਾ, 05 ਮਾਰਚ – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਜੋਨ-ਸੀ ਦਫ਼ਤਰ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਵਸਨੀਕਾਂ ਦੀ ਬਿਹਤਰੀ ਲਈ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਕੁਸ਼ਲਤਾ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਗੱਲਬਾਤ ਕੀਤੀ ਗਈ।
ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਮੇਅਰ ਪ੍ਰਿੰਸ ਜੌਹਰ ਤੋਂ ਇਲਾਵਾ ਸਮੂਹ ਕੌਂਸਲਰ, ਬਲਾਕ ਪ੍ਰਧਾਨ ਅਤੇ ਵਾਰਡ ਇੰਚਾਰਜ ਵੀ ਮੌਜੂਦ ਸਨ।ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਮੀਟਿੰਗ ਦੌਰਾਨ ਜੋਨਲ ਕਮਿਸ਼ਨਰ ਗੁਰਪਾਲ ਸਿੰਘ, ਜੋਨਲ ਕਮਿਸ਼ਨਰ ਅਭਿਸ਼ੇਕ ਸ਼ਰਮਾ ਅਤੇ ਵੱਖ-ਵੱਖ ਬਰਾਂਚਾਂ ਦੇ ਸੀਨੀਅਰ ਅਧਿਕਾਰੀਆਂ ਨਾਲ, ਹਲਕੇ ਵਿੱਚ ਸਟਰੀਟ ਲਾਈਟਾਂ, ਬਿਜਲੀ, ਪਾਣੀ, ਸੀਵਰੇਜ ਅਤੇ ਹੋਰ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ‘ਤੇ ਜ਼ੋਰ ਦਿੱਤਾ।
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਵੱਛ ਅਤੇ ਹਰਿਆ ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।