ਅੰਮ੍ਰਿਸਰ, 7 ਮਾਰਚ- ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਅੱਜ ਸਵੇਰੇ 9 ਵਜੇ ਦੇ ਕਰੀਬ ਇੱਕ ਸ਼ਰਧਾਲੂ ਦੁੱਖ ਭੰਜਨੀ ਬੇਰੀ ਦੇ ਹੇਠ ਸਰੋਵਰ ‘ਚੋਂ ਇਸ਼ਨਾਨ ਕਰ ਕੇ ਜਦ ਬਾਹਰ ਨਿਕਲਿਆ ਤਾਂ ਉਸ ਨੂੰ ਅਚਨਚੇਤ ਦਿਲ ਦਾ ਦੌਰਾ ਪਿਆ ਤੇ ਉਹ ਬੇਹੋਸ਼ ਹੋ ਕੇ ਡਿੱਗ ਪਿਆ।
ਮੌਕੇ ‘ਤੇ ਡਿਊਟੀ ‘ਤੇ ਤੈਨਾਤ ਸੇਵਾਦਾਰਾਂ ਵੱਲੋਂ ਤੁਰੰਤ ਉਸ ਨੂੰ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜਲੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨਿਆ ਗਿਆ। ਮ੍ਰਿਤਕ ਸ਼ਰਧਾਲੂ ਦੀ ਪਛਾਣ ਉਸ ਦੀ ਜੇਬ ‘ਚੋਂ ਮਿਲੀ ਪਰਚੀ ਅਨੁਸਾਰ ਧਰਮਜੀਤ ਸਿੰਘ ਵਾਸੀ ਫ਼ਰੀਦਕੋਟ ਵਜੋਂ ਹੋਈ ਹੈ।