ਚੰਡੀਗੜ੍ਹ, 12 ਮਾਰਚ :ਚੰਡੀਗੜ੍ਹ. ਪੰਚਕੂਲਾ ਦੇ ਮਾਤਾ ਮਨਸਾ ਦੇਵੀ ਮੰਦਿਰ ਦੇ ਸਾਹਮਣੇ ਮੈਂਗੋ ਪਾਰਕ ਦੀ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਇੱਕ ਮਹਿਲਾ ਕਾਂਸਟੇਬਲ ਦੀ ਲਾਸ਼ ਮਿਲਣ ਦੀ ਸੂਚਨਾ ਤੋਂ ਬਾਅਦ ਏਸੀਪੀ ਸ਼ੁਕਰਪਾਲ, ਐਸਐਚਓ ਐਮਡੀਸੀ, ਕ੍ਰਾਈਮ ਬ੍ਰਾਂਚ ਅਤੇ ਫੋਰੈਂਸਿਕ ਟੀਮ ਪਹੁੰਚੀ। ਪੁਲਸ ਨੇ ਇਸ ਗੱਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਇਹ ਸਾਫ ਨਹੀਂ ਹੋਇਆ ਹੈ ਕਿ ਮਾਮਲਾ ਕਤਲ ਦਾ ਹੈ ਜਾਂ ਖ਼ੁਦਕੁਸ਼ੀ ਦਾ।
ਪੁਲਸ ਨੇ ਦੱਸਿਆ ਕਿ ਲਾਸ਼ ‘ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਮਿਲਿਆ ਹੈ। ਮ੍ਰਿਤਕਾ ਦੀ ਪਛਾਣ ਸਪਨਾ ਵਾਸੀ ਨਯਾਗਾਂਵ ਵਜੋਂ ਹੋਈ ਹੈ। ਸਪਨਾ ਚੰਡੀਗੜ੍ਹ ਪੁਲਿਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਸੀ। ਇਨ੍ਹੀਂ ਦਿਨੀਂ ਮਹਿਲਾ ਪੁਲਸ ਮੁਲਾਜ਼ਮ ਵਿਧਾਨ ਸਭਾ ‘ਚ ਡਿਊਟੀ ‘ਤੇ ਸੀ। ਸਪਨਾ ਨੇ ਮੰਗਲਵਾਰ ਨੂੰ ਡਿਊਟੀ ਲਈ ਆਉਣਾ ਸੀ।
ਪੁਲਸ ਟੀਮ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-6 ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਡਾਕਟਰਾਂ ਦੀ ਟੀਮ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਹੈ। ਏਸੀਪੀ ਵਿਕਰਮ ਨਹਿਰਾ ਨੇ ਦੱਸਿਆ ਕਿ ਜਾਂਚ ਲਈ ਟੀਮ ਬਣਾਈ ਗਈ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ।