ਫ਼ਤਿਹਗੜ੍ਹ ਸਾਹਿਬ, 24 ਮਾਰਚ- ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਮਾਗ ਦੀ ਨਸ ਫਟਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 21 ਸਾਲਾ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਹਰਮਨਪ੍ਰੀਤ 2 ਸਾਲ ਪਹਿਲਾਂ ਹੀ ਸਟੱਡੀ ਵੀਜ਼ੇ ‘ਤੇ ਵਿਦੇਸ਼ ਗਿਆ ਸੀ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ।
ਜ਼ਿਕਰਯੋਗ ਹੈ ਕਿ ਮ੍ਰਿਤਕ ਹਰਮਨਪ੍ਰੀਤ ਸਿੰਘ ਦੀ ਭੈਣ ਦੀ ਵੀ ਪਹਿਲਾਂ ਕੋਰੋਨਾ ਕਾਲ ‘ਚ ਮੌਤ ਹੋ ਗਈ ਸੀ ਤੇ ਹੁਣ ਹਰਮਨਪ੍ਰੀਤ ਸਿੰਘ ਦੀ ਮੌਤ ਹੋ ਜਾਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਕਹਿਰ ਟੁੱਟ ਪਿਆ ਹੈ। ਪਰਿਵਾਰ ਨੇ ਕੈਨੇਡਾ ਤੋਂ ਹਰਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਬੱਚੇ ਦੀ ਮ੍ਰਿਤਕ ਦੇ ਲਿਆਉਣ ‘ਚ ਮਦਦ ਕੀਤੀ ਜਾਵੇ।