ਅਮਰਗੜ੍ਹ/ਮਾਲੇ
ਪ੍ਰੌਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਦੋ ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਕਿੱਤਾ ਮੁਖੀ ਕੋਰਸ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਉਹ ਠੀਕ ਹੋਣ ਤੋਂ ਬਾਅਦ ਆਪਣਾ ਰੋਜਗਾਰ ਸ਼ੁਰੂ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਣ ਅਤੇ ਆਰਥਿਕ ਤੌਰ ਤੇ ਆਤਮਨਿਰਭਰ ਹੋ ਕੇ ਸਮਾਜ ਦੀ ਧਰਾ ਨਾਲ ਜੁੜ ਸਕਣ ।
ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨਾ ਬੇਹੱਦ ਜ਼ਰੂਰੀ ਹੈ । ਇਹ ਲਾਹਨਤ ਸੂਬੇ ਦੀ ਆਰਥਿਕਤਾ, ਸਿਹਤ ਅਤੇ ਸਮਾਜਕ ਢਾਂਚੇ ਲਈ ਸਭ ਤੋਂ ਵੱਡਾ ਖਤਰਾ ਬਣ ਚੁੱਕੀ ਹੈ। “ਜੇਕਰ ਅਸੀਂ ਇਹ ਲੜਾਈ ਹੇਠਲੇ ਪੱਧਰ ਤੋਂ ਲੜੀਏ ਤਾਂ ਹੀ ਇਸ ਫ਼ੈਸਲਾਕੁਨ ਜੰਗ ਦੇ ਨਤੀਜੇ ਆ ਸਕਦੇ ਹਨ। ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਦੀ ਲੋੜ ਹੈ।” ਉਨ੍ਹਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਅਵਾਮ ਨੂੰ ਵਧ-ਚੜ੍ਹ ਕੇ ਪ੍ਰਸਾਸ਼ਨ ਦਾ ਸਹਿਯੋਗ ਦੇਣ ਦਾ ਸੱਦਾ ਦਿੱਤਾ ।
ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਪੁਲਿਸ ਨਿਰਪੱਖਤਾ ਨਾਲ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਪੁਲਿਸ ਨਾਲ ਮਿਲ ਕੇ ਨਸ਼ਾ ਤਸਕਰਾਂ ਵਿਰੁੱਧ ਜਾਣਕਾਰੀ ਸਾਂਝੀ ਕਰਨ ਤਾਂ ਜੋ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਉਹ ਸਮਾਂ ਹੈ ਕਿ ਸਾਰਾ ਸਮਾਜ ਇਕਜੁੱਟ ਹੋ ਕੇ ਨਸ਼ਿਆਂ ਖ਼ਿਲਾਫ ਲੜਾਈ ਲੜੇ। ਇਸ ਮੁਹਿੰਮ ਨੂੰ ਸਿਰਫ ਇਕ ਸਰਕਾਰੀ ਯਤਨ ਨਹੀਂ, ਸਗੋਂ ਲੋਕ ਅੰਦੋਲਨ ਬਣਾਉਣ ਦੀ ਜ਼ਰੂਰਤ ਹੈ। ਸਾਡਾ ਇੱਕ ਕਦਮ ਕਈ ਜੀਵਨ ਬਚਾ ਸਕਦਾ ਹੈ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਸੰਕੋਚ ਨਾ ਕਰਦਿਆਂ ਨਸ਼ਿਆਂ ਬਾਰੇ ਮਿਲ ਰਹੀ ਜਾਣਕਾਰੀ ਸਾਂਝੀ ਕਰਨ। ਇਸ ਮੌਕੇ ਡਾ ਵਾਹੀਦ ਨੇ ਸਰਪੰਚਾ ਪੰਚਾਂ ਨੂੰ ਨਸ਼ਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਝੀ ਕੀਤੀ ਅਤੇ ਲਾਇਫ ਕੋਚ ਰਣਦੀਪ ਸਿੰਘ ਨੇ ਧਾਰਮਿਕ ਸਿੱਖਿਆਵਾਂ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਡੀ) ਨਵਦੀਪ ਕੌਰ, ਐਸ.ਪੀ.(ਐਚ)ਗੁਰਸਰਨਜੀਤ ਸਿੰਘ ਸੰਧੂ,ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਰਿੰਪੀ ਗਰਗ, ਡੀ.ਐਸ.ਪੀ.ਦਵਿੰਦਰ ਸਿੰਘ, ਸਿਵਲ ਸਰਜਨ ਡਾ. ਸੰਜੇ ਗੋਇਲ ਮੁਹੰਮਦ ਰਫੀ ,ਹਰਪ੍ਰੀਤ ਸਿੰਘ, ਕੇਵਲ ਸਿੰਘ ਜਾਗੋਵਾਲ,ਗੁਰਮੁੱਖ ਸਿੰਘ, ਰਾਜੀਵ, ਨਾਸ਼ਰ ,ਅਭਿਜੋਤ ਸਿੰਘ,ਪ੍ਰਿਤਪਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਰਪੰਚ,ਪੰਚ ਅਤੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ