ਬਠਿੰਡਾ, 15 ਅਪ੍ਰੈਲ (ਵੀਰਪਾਲ ਕੌਰ ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਦੀ ਸਿੱਖਿਆ ਮੁਹੱਈਆ ਕਰਵਾਉਣਾ ਸਭ ਤੋਂ ਪਹਿਲਕਦਮੀ ਹੈ। ਇਨ੍ਹਾਂ ਗੱਲਾ ਦਾ ਪ੍ਰਗਟਾਵਾ ਚੇਅਰਮੈਨ, ਸ਼ੂਗਰਫੈਡ ਪੰਜਾਬ ਨਵਦੀਪ ਸਿੰਘ ਜੀਦਾ ਨੇ ਜ਼ਿਲ੍ਹੇ ਦੇ ਪਿੰਡ ਫੁੱਲੋ ਮਿੱਠੀ ਦੇ ਸਰਕਾਰੀ ਮਿਡਲ ਸਕੂਲ ਵਿਖੇ “ਪੰਜਾਬ ਸਿੱਖਿਆ ਕ੍ਰਾਂਤੀ” ਦੇ ਮੱਦੇਨਜ਼ਰ ਕਰਵਾਏ ਗਏ ਸਮਾਗਮ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਇਸ ਦੌਰਾਨ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਧੀਆ ਸਿੱਖਿਆ ਹੀ ਮਨੁੱਖ ਨੂੰ ਉੱਚ ਅਹੁਦਿਆਂ ’ਤੇ ਲੈ ਕੇ ਜਾਣ ਦੇ ਨਾਲ-ਨਾਲ ਸਮਾਜ ਵਿਚ ਵਧੀਆ ਵਿਚਰਣਾ ਸਿਖਾਉਂਦੀ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਵੀ ਪ੍ਰੇਰਿਤ ਕੀਤਾ।
ਇਸ ਦੌਰਾਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਨੇ ਸੂਬਾ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਉਂਦਿਆ ਕਿਹਾ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਕੂਲੀ ਵਿਦਿਆ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਵਿਚ ਟਰੇਨਿੰਗ ਪ੍ਰਦਾਨ ਕਰਵਾਈ ਜਾ ਰਹੀ ਹੈ ਤਾਂ ਜੋ ਟ੍ਰੇਨਿੰਗ ਪ੍ਰਾਪਤ ਕਰਨ ਉਪਰੰਤ ਅਧਿਆਪਕ ਪੰਜਾਬ ਦੇ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਹੋਰ ਵੀ ਵਧੀਆ ਤਰੀਕੇ ਨਾਲ ਸਿੱਖਿਆ ਪ੍ਰਦਾਨ ਕਰਵਾ ਸਕਣ।
ਇਸ ਤੋਂ ਪਹਿਲਾਂ ਚੇਅਰਮੈਨ, ਸ਼ੂਗਰਫੈਡ ਪੰਜਾਬ ਨਵਦੀਪ ਸਿੰਘ ਜੀਦਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤ ਵਿਖੇ ਵੀ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।ਇਸ ਮੌਕੇ ਸਕੂਲਾਂ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਆਦਿ ਹਾਜ਼ਰ ਸਨ।