
ਪੰਜਾਬ ਭਵਨ ਵਿਖੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਹੋਈ ਮੀਟਿੰਗ ਦੌਰਾਨ ਡਾ ਬਲਜੀਤ ਕੌਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਿਹੜੀਆਂ ਮੰਗਾਂ ਵਿਭਾਗ ਪੱਧਰ ‘ਤੇ ਤੁਰੰਤ ਹੱਲ ਹੋ ਸਕਦੀਆਂ ਹਨ, ਉਹਨਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਰਾਜ ਸਰਕਾਰ ਪੱਧਰ ‘ਤੇ ਨਿਰਣੈ ਲੈ ਕੇ ਹੱਲ ਕਰਵਾਈਆਂ ਜਾ ਸਕਦੀਆਂ ਹਨ, ਉਹਨਾਂ ਬਾਰੇ ਵਿਭਾਗ ਵੱਲੋਂ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਮੰਤਰੀ ਜੀ ਕੋਲ ਭੇਜੀ ਜਾਵੇਗੀ, ਤਾਂ ਜੋ ਅਗਲੇ ਪੱਧਰ ‘ਤੇ ਵੀ ਜਲਦੀ ਕਾਰਵਾਈ ਹੋ ਸਕੇ।
ਉਨ੍ਹਾਂ ਦੱਸਿਆ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਕੰਮਕਾਜੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਰਟ ਫੋਨ ਦੀ ਮੰਗ ਨੂੰ ਤਰਜੀਹੀ ਅਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਇਹ ਫੋਨ ਉਨ੍ਹਾਂ ਨੂੰ ਨਵੇਂ ਜਮਾਨੇ ਦੀਆਂ ਤਕਨੀਕੀ ਸਹੂਲਤਾਂ ਨਾਲ ਜੋੜਕੇ ਸਰਕਾਰੀ ਸਕੀਮਾਂ ਦੀ ਪਹੁੰਚ ਜ਼ਮੀਨੀ ਪੱਧਰ ਤੱਕ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।
ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਸਿਹਤ ਦੀ ਸੰਭਾਲ ਵਲ ਵੀ ਬਰਾਬਰ ਧਿਆਨ ਦੇ ਰਹੀ ਹੈ। ਇਸੇ ਸੰਦਰਭ ਵਿੱਚ ਵਿਭਾਗ ਵੱਲੋਂ ਪਹਿਲਾਂ ਹੀ ਸਾਰੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ eKYC ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ ਉਨ੍ਹਾਂ ਨੂੰ ਹੈਲਥ ਸੁਰੱਖਿਆ ਸਹੂਲਤਾਂ ਉਪਲੱਬਧ ਕਰਵਾਉਣ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ।
ਅੰਤ ਵਿੱਚ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਵਰਕਰ ਦੇ ਹੱਕਾਂ ਦੀ ਪੂਰੀ ਰੱਖਿਆ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਵਰਕਰਾਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ, ਲੋਕ-ਭਲਾਈ ਲਈ ਨਵੇਂ ਕਦਮ ਚੁੱਕਦੀ ਰਹੇਗੀ।