ਬੀਜਿੰਗ, 26 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਚੀਨ ਦੇ ਕਿੰਗਦਾਓ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਕਿਹਾ ਕਿ ਭਾਰਤ ਅਤਿਵਾਦ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਰੱਖਦਾ ਹੈ ਅਤੇ ਐਸਸੀਓ ਦੇ ਮੈਂਬਰਾਂ ਨੂੰ ਅਤਿਵਾਦ ਦੀ ਨਿੰਦਾ ਕਰਨੀ ਚਾਹੀਦੀ ਹੈ।
ਸਿੰਘ ਨੇ ਕਿਹਾ, “ਅਸੀਂ ਦਿਖਾਇਆ ਹੈ ਕਿ ਅਤਿਵਾਦ ਦੇ ਕੇਂਦਰ ਹੁਣ ਸੁਰੱਖਿਅਤ ਨਹੀਂ ਹਨ ਅਤੇ ਅਸੀਂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਤੋਂ ਨਹੀਂ ਝਿਜਕਾਂਗੇ।”
ਉਨ੍ਹਾਂ ਕਿਹਾ, “ਐਸਸੀਓ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਕਿੰਗਦਾਓ ਆਉਣਾ ਮੇਰੇ ਲਈ ਖੁਸ਼ੀ ਦੀ ਗੱਲ ਹੈ। ਮੈਂ ਆਪਣੇ ਮੇਜ਼ਬਾਨਾਂ ਦਾ ਉਨ੍ਹਾਂ ਦੀ ਨਿੱਘੀ ਮਹਿਮਾਨਨਿਵਾਜ਼ੀ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਬੇਲਾਰੂਸ ਨੂੰ ਇੱਕ ਨਵੇਂ ਮੈਂਬਰ ਵਜੋਂ ਐਸਸੀਓ ਪਰਿਵਾਰ ਵਿੱਚ ਸ਼ਾਮਲ ਹੋਣ ‘ਤੇ ਵੀ ਵਧਾਈ ਦੇਣਾ ਚਾਹੁੰਦਾ ਹਾਂ। ਜਿਸ ਦੁਨੀਆਂ ਵਿੱਚ ਅਸੀਂ ਰਹਿੰਦੇ ਹਾਂ, ਉਹ ਇੱਕ ਵੱਡੇ ਬਦਲਾਅ ਵਿੱਚੋਂ ਗੁਜ਼ਰ ਰਹੀ ਹੈ। ਵਿਸ਼ਵੀਕਰਨ, ਜਿਸ ਨੇ ਕਦੇ ਸਾਨੂੰ ਇੱਕ ਦੂਜੇ ਦੇ ਨੇੜੇ ਲਿਆਂਦਾ ਸੀ, ਗਤੀ ਗੁਆ ਰਿਹਾ ਹੈ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਵਿਚ ਹੋਈ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ਵਿਚ ਭਾਰਤ ਨੇ ਇਕ ਵਾਰ ਫਿਰ ਅੱਤਵਾਦ ਦੇ ਮੁੱਦੇ ’ਤੇ ਆਪਣਾ ਸਖ਼ਤ ਸਟੈਂਡ ਸਪੱਸ਼ਟ ਕੀਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਂਝੇ ਬਿਆਨ ’ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਕਿਉਂਕਿ ਇਸ ਵਿਚ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹਾਲ ਹੀ ਵਿਚ ਹੋਏ ਅੱਤਵਾਦੀ ਹਮਲੇ ਦਾ ਜ਼ਿਕਰ ਵੀ ਨਹੀਂ ਕੀਤਾ ਗਿਆ ਸੀ, ਜਿਸ ਵਿਚ 26 ਲੋਕ ਮਾਰੇ ਗਏ ਸਨ। ਨਤੀਜੇ ਵਜੋਂ, ਸੰਮੇਲਨ ਤੋਂ ਬਾਅਦ ਕੋਈ ਸਾਂਝਾ ਬਿਆਨ ਜਾਰੀ ਨਹੀਂ ਕੀਤਾ ਗਿਆ। ਜਾਣਕਾਰੀ ਅਨੁਸਾਰ ਭਾਰਤ ਸਾਂਝੇ ਦਸਤਾਵੇਜ਼ ਦੀ ਭਾਸ਼ਾ ਤੋਂ ਸੰਤੁਸ਼ਟ ਨਹੀਂ ਹੈ, ਕਿਉਂਕਿ ਇਸ ਵਿਚ ਪਾਕਿਸਤਾਨ ਵਿਚ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਸੀ।