ਇਸਲਾਮਾਬਾਦ – ਪਾਕਿਸਤਾਨੀ ਮੀਡੀਆ ਰਿਪੋਰਟ ਮੁਤਾਬਿਕ ਪਾਕਿਸਤਾਨ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ‘ਚ ਸਿੱਖ ਸੰਗਤਾਂ ਲਈ ਹੋਟਲ ਤੇ ਰੇਲਵੇ ਸਟੇਸ਼ਨ ਸਥਾਪਿਤ ਕਰੇਗੀ। ਪਾਕਿਸਤਾਨ ਰੇਲਵੇ ਲਈ ਸੰਘੀ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖ ਜਥੇਬੰਦੀਆਂ ਲਈ ਸ੍ਰੀ ਕਰਤਾਰਪੁਰ ਸਾਹਿਬ, ਸ੍ਰੀ ਨਨਕਾਣਾ ਸਾਹਿਬ ਤੇ ਨਾਰੋਵਾਲ ‘ਚ ਹੋਟਲ ਬਣਾਉਣ ਲਈ ਜ਼ਮੀਨ ਮੁਹੱਈਆ ਕਰਾਏਗੀ ਤੇ ਇਸ ਦੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ‘ਚ ਰੇਲਵੇ ਸਟੇਸ਼ਨ ਬਣਾਉਣ ਲਈ ਜ਼ਮੀਨ ਮੁਹੱਈਆ ਕਰਾਈ ਜਾਵੇਗੀ। ਜ਼ਿਕਰਯੋਗ ਹੈ ਕਿ ਭਲਕੇ 28 ਨਵੰਬਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ।