ਚੰਡੀਗੜ੍ਹ -ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਸੰਪੂਰਨ ਕਰਜ਼ ਮੁਆਫੀ ਦੇ ਕੀਤੇ ਵਾਅਦੇ ਤੋਂ ਮੁੱਕਰਨ ਉੱਤੇ ਆਮ ਆਦਮੀ ਪਾਰਟੀ ਨੇ ਇਤਰਾਜ ਜਾਹਿਰ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ।
ਚੰਡੀਗੜ੍ਹ ਤੋਂ ਜਾਰੀ ਪ੍ਰੈਸ ਬਿਆਨ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਸੰਪੂਰਨ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਸਾਫ਼ ਮੁੱਕਰ ਗਈ ਹੈ। ਹੁਣ ਕਿਸਾਨ ਰਾਹਤ ਦੇ ਨਾਮ ਉੱਤੇ ਕੁੱਝ ਕਿਸਾਨਾਂ ਦੇ ਕਰਜ਼ ਮੁਆਫ਼ ਕਰ ਕੇ ਲੋਕ ਸਭਾ ਚੋਣ ਵਿੱਚ ਫ਼ਾਇਦਾ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਕੈਪਟਨ ਸਰਕਾਰ ਆਪਣੀਆਂ ਝੂਠੀਆਂ ਉਪਲਬਧੀਆਂ ਦੇ ਹੋਰਡਿੰਗਸ ਅਤੇ ਪੋਸਟਰ ਲਗਵਾ ਰਹੀ ਹੈ ਅਤੇ ਇਨ੍ਹਾਂ ਹੋਰਡਿੰਗਸ ਅਤੇ ਪੋਸਟਰਾਂ ‘ਤੇ ਕਰੋੜਾਂ ਰੁਪਏ ਦਾ ਸਾਰਾ ਖਰਚਾ ਸਰਕਾਰੀ ਖ਼ਜ਼ਾਨੇ ਵਿਚੋਂ ਕਰ ਰਹੀ ਹੈ।
ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਜੋ ਹਾਲਾਤ ਹਨ ਉਹ ਕਿਸੇ ਚੋਂ ਛੁਪੇ ਹੋਏ ਨਹੀਂ ਹਨ। ਦੇਸ਼ ਦੇ ਸਭ ਤੋਂ ਜ਼ਿਆਦਾ ਪੇਂਡੂ ਲੋਕਾਂ ਦੇ ਸਿਰ ਕਰਜ਼ਾ ਹੋਣ ਕਰ ਕੇ ਕਰਜ਼ੇ ਦੀ ਮਾਰ ਥੱਲੇ ਆਏ ਰਾਜਾਂ ਵਿਚੋਂ ਇੱਕ ਪੰਜਾਬ ਸੂਬਾ ਵੀ ਸ਼ਾਮਿਲ ਹੈ। ਇੱਥੋਂ ਦੇ ਕਿਸਾਨਾਂ ਉੱਤੇ ਕਰੀਬ ਇੱਕ ਲੱਖ ਕਰੋੜ ਦਾ ਕਰਜ਼ਾ ਹੈ।
ਭਗਵੰਤ ਮਾਨ ਨੇ ਕਿਹਾ ਹੈ ਕਿ ਦੋਨਾਂ ਹੀ ਸਰਕਾਰਾਂ ਨੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਦੇ ਵੱਡੇ-ਵੱਡੇ ਸੁਪਨੇ ਦਿਖਾ ਕੇ ਵੋਟਾਂ ਲਈਆਂ ਸਨ ਅਤੇ ਹੁਣ ਸੱਤਾ ਵਿਚ ਆਉਣ ਤੋਂ ਬਾਅਦ ਇਹ ਆਪਣੇ ਕੀਤੇ ਹੋਏ ਵਾਅਦੇ ਤੋਂ ਮੁੱਕਰ ਚੁੱਕੀ ਹੈ। ਕਿਸਾਨਾਂ ਨੂੰ ਹੁਣ ਕਿਸਾਨ ਰਾਹਤ ਦੇ ਨਾਮ ਉੱਤੇ ਗੁਮਰਾਹ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਸ ਨੀਤੀਆਂ ਦੇ ਕਾਰਨ ਕਿਸਾਨ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਿਹਾ ਹੈ ।