ਬੀਜਿੰਗ – ਚੀਨ ਦੇ ਹੁਨਾਨ ਸੂਬੇ ‘ਚ ਸੈਲਾਨੀਆਂ ਨਾਲ ਭਰੀ ਇੱਕ ਬੱਸ ‘ਚ ਭਿਆਨਕ ਅੱਗ ਲੱਗ ਜਾਣ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ, ਜਦਕਿ 28 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਵਲੋਂ ਅੱਜ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬੇ ਦੇ ਚੈਂਗੜੇ ਸ਼ਹਿਰ ‘ਚ ਸਥਾਨਕ ਸਮੇਂ ਮੁਤਾਬਕ ਸ਼ੁੱਕਰਵਾਰ ਸ਼ਾਮੀਂ 7.15 ਵਜੇ ਹਾਈਵੇਅ ‘ਤੇ ਇਸ ਬੱਸ ‘ਚ ਅਚਾਨਕ ਅੱਗ ਲੱਗ ਗਈ। ਬੱਸ ‘ਚ ਦੋ ਚਾਲਕ, ਇੱਕ ਗਾਈਡ ਅਤੇ 53 ਯਾਤਰੀ ਸਵਾਰ ਸਨ। ਹਾਦਸੇ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਸਥਾਨਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ, ਜਿਨ੍ਹਾਂ ‘ਚੋਂ ਪੰਜ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪ੍ਰਸ਼ਾਸਨ ਨੇ ਬੱਸ ਦੇ ਦੋਹਾਂ ਚਾਲਕਾਂ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।