ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਅਦਾਲਤ ਦਾ ਕਹਿਣਾ ਹੈ ਕਿ ਉਸ ਵਲੋਂ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਅਗਲੇ ਸਾਲ ਮਈ ਮਹੀਨੇ ‘ਚ ਸੁਣਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਦਿੱਲੀ ਹਾਈਕੋਰਟ ਨੇ ਦਿੱਲੀ ਦੇ ਛਾਉਣੀ ਇਲਾਕੇ ਦੇ ਰਾਜਨਗਰ ਇਲਾਕੇ ‘ਚ ਪੰਜ ਸਿੱਖਾਂ ਦੀ ਹੱਤਿਆ ਦੇ ਮਾਮਲੇ ‘ਚ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਈ ਸੀ।