ਲੁਧਿਆਣਾ, 9 ਦਸੰਬਰ – ਸਾਲ 1995 ‘ਚ ਘੰਟਾ ਘਰ ਵਿਖੇ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਇਸ ਬੰਬ ਧਮਾਕੇ ‘ਚ ਕਈ ਵਿਅਕਤੀ ਜ਼ਖ਼ਮੀ ਹੋ ਗਏ ਸਨ। ਘਟਨਾ ਸਮੇਂ ਪੁਲਿਸ ਵੱਲੋਂ ਇਸ ਮਾਮਲੇ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਪਰ ਬਾਅਦ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਇਸ ਮਾਮਲੇ ‘ਚ ਨਾਮਜ਼ਦ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਬਕਾਇਦਾ ਚਲਾਨ ਪੇਸ਼ ਕਰ ਕੇ ਮੁਕੱਦਮਾ ਚਲਾਇਆ ਜਾ ਰਿਹਾ ਸੀ। ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਇਸ ਮਾਮਲੇ ‘ਚ ਬਹਿਸ ਪਿਛਲੀ ਤਰੀਕਾਂ ਤੇ ਮੁਕੰਮਲ ਕਰ ਲਈ ਗਈ ਸੀ ਅਤੇ ਮਾਣਯੋਗ ਜੱਜ ਅਤੁਲ ਕਸਾਨਾਂ ਵੱਲੋਂ ਇਸ ਸਬੰਧੀ ਫ਼ੈਸਲਾ ਸੁਣਾਉਣਾ ਸੀ ਅੱਜ ਸਵਾ ਤਿੰਨ ਵਜੇ ਦੇ ਕਰੀਬ ਅਦਾਲਤ ਵੱਲੋਂ ਸੁਣਾਏ ਗਏ ਫ਼ੈਸਲੇ ‘ਚ ਭਾਈ ਹਵਾਰਾ ਨੂੰ ਬਰੀ ਕਰ ਦਿੱਤਾ ਗਿਆ ਹੈ। ਭਾਈ ਹਵਾਰਾ ਇਸ ਵੇਲੇ ਦਿੱਲੀ ਦੀ ਤਿਹਾੜ ਜੇਲ੍ਹ ਵਿਖੇ ਨਜ਼ਰਬੰਦ ਹਨ।