ਬਠਿੰਡਾ, 31 ਦਸੰਬਰ (ਹਰਮੇਲ ਪਰੀਤ) – ਪਿਛਲੇ ਚਾਰ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲ਼ਾਜ਼ਮ ਜਥੇਬੰਦੀਆਂ ਨਾਲ ਸਾਂਝਾ-ਰੋਸ ਪ੍ਰਦਰਸ਼ਨ ਕਰਦਿਆਂ ਬੱਸ ਸਟੈਂਡ ਚੌਂਕ ਵਿਖੇ ਅਰਥੀ-ਫੂਕ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਪੁਤਲਾ ਫੂਕਦਿਆਂ ਆਪਣਾ ਰੋਸ-ਜਾਹਰ ਕੀਤਾ। ਮੁਜ਼ਾਹਰੇ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲੇ ਦੇ ਵਾਅਦੇ ਮੁਤਾਬਿਕ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਪੰਜਾਬ ਭਰ ‘ਚ ਖ਼ਾਲੀ ਪਈਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਨਹੀਂ ਹੁੰਦਾ ਤਾਂ 12 ਜਨਵਰੀ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁੱਖਵਿੰਦਰ ਢਿੱਲਵਾਂ ਤੇ ਜਿਲਾ ਪ੍ਰਧਾਨ ਯੁੱਧਜੀਤ ਬਠਿੰਡਾ ਅਤੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਲਵਪ੍ਰੀਤ ਸ਼ਰਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ, ਈਟੀਟੀ ਅਧਿਆਪਕਾਂ ਦੀ ਭਰਤੀ ਲਈ 12 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ, ਬੈਕਲਾਗ ਦੀਆਂ 161 ਈਟੀਟੀ ਤੇ ਬੈਕਲਾਗ ਐਸ. ਸੀ 595 ਦਾ ਹੱਲ ਅਤੇ ਬੀਐੱਡ ਦੀਆਂ 10 ਅਸਾਮੀਆਂ ਸਬੰਧੀ ਵੀ ਭਰਤੀ ਨਿਯਮਾਂ ‘ਚ ਸੋਧ ਕਰਕੇ ਨਿਯੁਕਤੀ ਹੋਵੇ, ਅਧਿਆਪਕ ਭਰਤੀ ਲਈ ਗ੍ਰੈਜੂਏਸ਼ਨ ‘ਚੋਂ ਪਹਿਲਾਂ ਲਾਜ਼ਮੀ ਕੀਤੇ 55 ਫੀਸਦੀ ਅੰਕਾਂ ਦੀ ਸ਼ਰਤ ਤੋਂ ਪੀੜਤ ਹੋਕੇ ਖ਼ੁਦਕੁਸ਼ੀ ਲਈ ਮਜ਼ਬੂਰ ਹੋਏ ਜਗਸੀਰ ਸਿੰਘ ਚੱਕ ਭਾਈਕਾ ਦੇ ਪਰਿਵਾਰ ਨੂੰ ਇੱਕ ਨੌਕਰੀ ਅਤੇ ਦਸ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਓਵਰੲਏਜ਼ ਹੋ ਰਹੇ ਬੇਰੁਜ਼ਗਾਰ ਅਧਿਆਪਕਾਂ ਬਾਰੇ ਵਿਚਾਰ ਕਰਦਿਆਂ ਭਰਤੀ ਲਈ ਉਮਰ-ਹੱਦ 37 ਤੋਂ ਵਧਾ ਕੇ 42 ਸਾਲ ਕੀਤੀ ਜਾਵੇ। 58 ਤੋਂ 60 ਦੋ ਸਾਲ ਦੀ ਐਕਸ਼ਟੈਨਸ਼ਨ ਤੇ ਚਲਦੇ ਮੁਲ਼ਾਜ਼ਮਾਂ ਨੂੰ ਤੁਰੰਤ ਸੇਵਾ-ਮੁਕਤ ਕਰਕੇ ਅਸਾਮੀਆਂ ਖਾਲੀ ਕੀਤੀਆਂ ਜਾਣ, ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਸਾਰੀਆਂ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ ਤੇ ਭਰਤੀ ਹੋਵੇ, ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕਰਨ, ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ, 50 ਤੋਂ ਘੱਟ ਗਿਣਤੀ ਵਾਲੇ ਪ੍ਰਾਇਮਰੀ ਸਕੂਲਾਂ ‘ਚ ਵੀ ਹੈੱਡ-ਮਾਸਟਰ ਦੀ ਅਸਾਮੀ ਬਰਕਰਾਰ ਰੱਖੀ ਜਾਵੇ, ਸੈਕੰਡਰੀ ਪੱਧਰ ਤੱਕ ਅਧਿਆਪਕ-ਵਿਦਿਆਰਥੀ ਅਨੁਪਾਤ 30 :1 ਕਰਨ, ਪ੍ਰਾਇਮਰੀ ਆਧਿਆਪਕ ਵਿਦਿਆਰਥੀਆਂ ਅਨੁਪਾਤ 20:1 ਕਰਨ ਜਦੋਂ ਤੱਕ ਉਮੀਦਵਾਰਾਂ ਦੀ ਨਿਯੁਕਤੀ ਨਹੀਂ ਹੁੰਦੀ, ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਿਕ 2500 ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਇਹਨਾਂ ਮੰਗਾਂ ਦਾ ਹੱਲ ਹੋਣ ਉਪਰੰਤ ਹੀ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਲਾਇਆ ਪੱਕਾ-ਮੋਰਚਾ ਚੁੱਕਿਆ ਜਾਵੇਗਾ। ਇਸ ਦੌਰਾਨ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜਿਲ੍ਹਾ ਪ੍ਰਧਾਨ ਜਗਪਾਲ ਸਿੰਘ ,ਬੇਅੰਤ ਫੂਲੇਵਾਲਾ,ਰਾਜੇਸ਼ ਮੌਂਗਾ, ਬੀ.ਐਡ ਫਰੰਟ ਦੇ ਸੁੱਖਦਰਸ਼ਨ ਸਿੰਘ,ਡੀ.ਟੀ.ਐਫ ਪੰਜਾਬ ਦੇ ਭੁਪਿੰਦਰ ਸਿੰਘ ਮਾਇਸਰਖਾਨਾ,ਭੋਲਾ ਸਿੰਘ,ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਹੁਸ਼ਿਆਰ ਸਿੰਘ ਤੇ ਬਲਜੀਤ ਸਿੰਘ ਪੂਹਲਾ,ਗੌਰਮਿੰਟ ਟੀਚਰਜ਼ ਯੂਨੀਅਨ ਦੇ ਲੱਛਮਣ ਮਲੂਕਾ, ਐਸ ਐਸ ਏ ਰਮਸਾ ਅਧਿਆਪਕ ਯੂਨੀਅਨ ਦੇ ਹਰਜੀਤ ਜੀਦਾ,6060 ਯੂਨੀਅਨ ਦੇ ਵਿਕਾਸ ਗਰਗ,ਨੌਜਵਾਨ ਭਾਰਤ ਸਭਾ ਦੇ ਸਰਬਜੀਤ ਸ਼ਰਮਾ ਨੇ ਵੀ ਸੰਬੋਧਨ ਕੀਤਾ।ਇਸ ਮੌਕਾ ਪਰਵੀਨ ਕੌਰ,ਅਮਨਦੀਪ ਕੌਰ,ਸੁਰਿੰਦਰ ਕੌਰ,ਕੁਲਵਿੰਦਰ ਮੌੜ,ਰਾਜਵੀਰ ਮੌੜ,ਤਜਿੰਦਰ ਮਾਨਵਾਲਾ,ਬਲਵਿੰਦਰ ਸ਼ਰਮਾਂ ਆਦਿ ਹਾਜ਼ਰ ਸਨ।