ਚੰਡੀਗੜ, 18 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ, ਨਵੀਂ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਕੁਮਾਰ (ਮਿੰਨਾ) ਚੋਪੜਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਚੋਪੜਾ 63 ਵਰਿਆਂ ਦੇ ਸਨ ਜੋ ਲੰਮੀ ਬਿਮਾਰੀ ਉਪਰੰਤ ਚੱਲ ਵਸੇ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸੀਨੀਅਰ ਪੱਤਰਕਾਰ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਉਨਾਂ ਨੇ ਪ੍ਰੈਸ ਦੀ ਆਜ਼ਾਦੀ ਲਈ ਸਰਗਰਮ ਭੂਮਿਕਾ ਅਦਾ ਕੀਤੀ। ਉਨਾਂ ਕਿਹਾ ਕਿ ਅਸ਼ਵਨੀ ਕੁਮਾਰ ਦੇ ਤੁਰ ਜਾਣ ਨਾਲ ਪੱਤਰਕਾਰੀ ਦੇ ਖੇਤਰ ਵਿੱਚ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਨਾ ਬਹੁਤ ਮੁਸ਼ਕਲ ਹੈ।
ਅਸ਼ਵਨੀ ਮਿੰਨਾ ਨੂੰ ਸੂਝਵਾਨ ਸਿਆਸਤਦਾਨ ਅਤੇ ਉੱਘਾ ਪੱਤਰਕਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਆਪਣੇ ਅਖਬਾਰ ਦੇ ਕਾਲਮਾਂ ਰਾਹੀਂ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਦੇ ਮਸਲਿਆਂ ਨੂੰ ਲਗਾਤਾਰ ਉਠਾਉਂਦੇ ਰਹੇ ਅਤੇ ਪੱਤਰਕਾਰੀ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੇ ਪਰਿਵਾਰ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਅਸ਼ਵਨੀ ਕੁਮਾਰ ਮਿੰਨਾ ਦੇ ਦੇਹਾਂਤ ’ਤੇ ਦੁੱਖ ਜ਼ਾਹਰ ਕਰਦਿਆਂ ਪਰਿਵਾਰ ਨਾਲ ਹਮਦਰਦ ਪ੍ਰਗਟਾਈ।